
ਫਰੀਦਕੋਟ, 06 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜ੍ਹਾਅ ਤਹਿਤ ਪਿੰਡਾਂ ’ਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਜਾਵੇਗਾ ਅਤੇ ਇਹ ਯਾਤਰਾਵਾਂ 10 ਜਨਵਰੀ ਤੋਂ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਗੁਰਦਿੱਤ ਸੇਖੋਂ ਨੇ ਇਸ ਸਬੰਧੀ ਨਿਯੁਕਤ ਬਲਾਕ ਪ੍ਰਧਾਨਾਂ ਨਾਲ ਜਿਲ੍ਹਾ ਪੱਧਰੀ ਮੀਟਿੰਗ ਮੌਕੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੇ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਾ ਜਿੱਥੇ ਸਮਾਜਿਕ ਅਲਾਮਤ ਹੈ, ਉਥੇ ਹੀ ਇਸ ਦੇ ਸੇਵਨ ਨਾਲ ਸਾਡੀ ਸਿਹਤ ਤੋਂ ਇਲਾਵਾ ਸਾਡੇ ਪਰਿਵਾਰ ਤੇ ਆਰਥਿਕ ਬੋਝ ਵੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦਿੜ੍ਹ ਹੈ। ਇਸ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜਗਾਰ ਦੇ ਕਾਬਲ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ ਤੇ ਇਸ ਮੁਹਿੰਮ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਨੂੰ ਮਿਸ਼ਨ ਦੇ ਤੌਰ ਤੇ ਚਲਾਇਆ ਜਾਵੇ ਤਾਂ ਜੋ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਪੰਚਾਇਤ ਵਿਭਾਗ, ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਆਦਿ ਦਾ ਵਿਸ਼ੇਸ਼ ਤੌਰ ਤੇ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਫਰੀਦਕੋਟ ਵਿਧਾਨ ਸਭਾ ਦੇ 19 ਪਿੰਡ, ਕੋਟਕਪੂਰਾ ਦੇ 14 ਪਿੰਡ ਅਤੇ ਜੈਤੋ ਵਿਧਾਨ ਸਭਾ ਹਲਕੇ ਦੇ 16 ਪਿੰਡ ਕਵਰ ਕੀਤੇ ਜਾਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ