
ਤਰਨਤਾਰਨ, 06 ਜਨਵਰੀ (ਹਿੰ. ਸ.)। ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲਾ ਤਰਨ ਤਾਰਨ ਵਿੱਚ 10 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਇਹ ਦੂਜਾ ਪੜਾਅ ਸ਼ੁਰੂ ਹੋਵੇਗਾ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਵਿੱਚ ਰੋਜ਼ਾਨਾ 20 ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਕੋਆਰਡੀਨੇਟਰ ਸੋਨੀਆਂ ਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਾ ਮੋਕਤੀ ਮੋਰਚੇ ਦੇ ਬਲਾਕ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੋਨੀਆਂ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7 ਜਨਵਰੀ ਤੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ 8 ਜਨਵਰੀ ਨੂੰ ਜ਼ਿਲ੍ਹਾ ਤਰਨਤਾਰਨ ਦੇ ਸਾਰੇ ਬਲਾਕ ਕੋਆਰਡੀਨੇਟਰਾਂ ਵੱਲੋਂ ਹਲਕਾ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਾ ਮੁਕਤੀ ਯਾਤਰਾਵਾਂ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ 10 ਜਨਵਰੀ ਤੋਂ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਹਲਕੇ ਦੇ ਰੋਜ਼ਾਨਾਂ 20 ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ।
ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਮਾਨ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜਿਸ ਵੀ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਹੋਣੀ ਹੈ, ਉਸ ਪਿੰਡ ਵਿੱਚ ਇੱਕ ਦਿਨ ਪਹਿਲਾਂ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾ ਕੇ ਕਾਮਯਾਬ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ