
ਸੰਗਰੂਰ, 06 ਜਨਵਰੀ (ਹਿੰ. ਸ.)। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ 26 ਜਨਵਰੀ ਨੂੰ ਪੁਲਿਸ ਲਾਈਨਜ਼ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ, ਜਿਸ ਲਈ ਸਬੰਧਤ ਵਿਭਾਗ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ ਕ੍ਰਿਪਾਲ ਵੀਰ ਸਿੰਘ ਨੇ ਵੱਖ ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਸੰਗਰੂਰ ਦੀ ਨਿਗਰਾਨੀ ਹੇਠ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਹੋਵੇਗੀ, ਜਿਸ ਵਿੱਚ ਦੇਸ਼ਭਗਤੀ ’ਤੇ ਆਧਾਰਿਤ ਵੰਨਗੀਆਂ ਦੇ ਨਾਲ ਨਾਲ ਲੋਕ ਨਾਚਾਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ। ਸਮਾਗਮ ਸਥਾਨ ਉੱਤੇ 19 ਅਤੇ 21 ਜਨਵਰੀ ਨੂੰ ਆਮ ਰਿਹਰਸਲ ਅਤੇ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਮੰਡੀ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਕਾਰਜਸਾਧਕ ਅਫ਼ਸਰ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ