
ਤਰਨਤਾਰਨ, 07 ਜਨਵਰੀ (ਹਿੰ. ਸ.)। ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਆਗਾਜ਼ ਕਰਨਗੇ।
ਚੇਅਰਮੈਨ ਰਾਜਿੰਦਰ ਸਿੰਘ ਉਸਮਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿੱਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਦਾ ਹੱਕ ਹਰ ਨਿਵਾਸੀ ਨੂੰ ਹੋਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ। ਇਸ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਪ੍ਰਕਾਰ ਦੇ ਐਮਪੈਨਲ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਲਈ ਸਿਹਤ ਖੇਤਰ ਵਿੱਚ ਇਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਘਰ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਕਦਮ ਸੂਬਾ ਵਾਸੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ।
--------------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ