
ਐਸ.ਏ.ਐਸ. ਨਗਰ, 07 ਜਨਵਰੀ (ਹਿੰ. ਸ.)। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਦੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ। ਇਸ ਮੌਕੇ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਤੋਂ ਰਾਹਤ ਸਮੱਗਰੀ ਨਾਲ ਭਰੇ ਟਰੱਕ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜਿਸ ਵਿੱਚ ਕੱਪੜੇ ਅਤੇ ਸਰਦੀਆਂ ਦਾ ਹੋਰ ਜਰੂਰੀ ਸਮਾਨ ਸ਼ਾਮਿਲ ਹੈ।
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਮੂੰਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੇਵਾ ਭਾਵਨਾ ਵਾਲੇ ਕਾਰਜ ਹੀ ਸੱਚੀ ਮਨੁੱਖੀ ਸੇਵਾ ਹੁੰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਅਤੇ ਪ੍ਰਭਾਵਿਤ ਲੋਕਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਸਮੂੰਹ ਪੰਜਾਬੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਸਾਰੇ ਇੱਕ ਦੂਜੇ ਦੀ ਮਦਦ ਲਈ ਖੜੇ ਰਹੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ