
ਅੰਮ੍ਰਿਤਸਰ, 08 ਜਨਵਰੀ (ਹਿੰ. ਸ.)। ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਡੀ ਸੀ ਕੰਪਲੈਕਸ ਅੰਮ੍ਰਿਤਸਰ ਵਿਖੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ, ਇਸ ਦੌਰਾਨ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ, ਜਿਨ੍ਹਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲ ਸਕਿਆ, ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕਰਕੇ ਜਲਦ ਮੁਆਵਜ਼ਾ ਦਿਵਾਉਣ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਮ ਆਦਮੀ ਪਾਰਟੀ' ਦੀ ਸਰਕਾਰ ਹਰ ਪ੍ਰਭਾਵਿਤ ਵਿਅਕਤੀ ਦੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਸੰਬੋਧਨ ਕਰਦੇ ਧਾਲੀਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਨੂੰ ਫਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਇੰਨੀ ਛੇਤੀ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਸਾਰੇ ਐਸਡੀਐਮ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਮੁਆਵਜ਼ੇ ਵਿੱਚ ਬਿਨਾਂ ਕਾਰਨ ਦੇਰੀ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਸ ਵਿੱਚ ਰੁਕਾਵਟ ਬਣਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਇਸ ਕੇਸ ਵਿੱਚ ਕੋਈ ਵੀ ਢਿੱਲ ਜਾਂ ਭਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਮੁਆਵਜ਼ੇ ਸਬੰਧੀ ਕਿਸੇ ਦੀ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਇਸ ਬਾਬਤ ਸਿੱਧੇ ਐਸਡੀਐਮ ਨਾਲ ਸੰਪਰਕ ਕਰਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ