
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਜਨਵਰੀ (ਹਿੰ. ਸ.)। ਪਿੰਡ ਠਸਕਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਵਿੱਚੋਂ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਓਪਨ ਜਿੰਮ ਦਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅਤੇ ਇੰਜੀਨਅਰ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਵੱਲੋਂ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਨਾਲ ਲੋਕਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਓਪਨ ਜਿੰਮ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਦੇ ਲੋਕਾਂ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਵਿੱਚ ਸਹਾਇਕ ਸਾਬਤ ਹੋਣਗੇ।
ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਫੰਡਾਂ ਦਾ ਮੁੱਖ ਉਦੇਸ਼ ਲੋਕ-ਹਿਤੈਸ਼ੀ ਅਤੇ ਜ਼ਮੀਨੀ ਪੱਧਰ ਦੇ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਪਿੰਡ ਪੱਧਰ ’ਤੇ ਸਿਹਤ, ਖੇਡਾਂ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਉਦਘਾਟਨੀ ਸਮਾਰੋਹ ਦੌਰਾਨ ਪਿੰਡ ਦੇ ਸਰਪੰਚ, ਪੰਚ, ਇਲਾਕੇ ਦੇ ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਰੋਹ ਦੇ ਅੰਤ ਵਿੱਚ ਪਿੰਡ ਵਾਸੀਆਂ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
......................
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ