
ਸੰਗਰੂਰ, 09 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਵਿੱਚ 10 ਜਨਵਰੀ ਤੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ) ਸੁਖਚੈਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਦੂਜੇ ਪੜਾਅ ਤਹਿਤ ਪੈਦਲ ਯਾਤਰਾ ਰਾਹੀਂ ਹਰੇਕ ਘਰ ਤੱਕ ਪਹੁੰਚ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਬੀ.ਡੀ.ਪੀ.ਓ., ਪੰਚਾਇਤ ਸਕੱਤਰ, ਪਟਵਾਰੀ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਅਤੇ ਜਾਗਰੂਕਤਾ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇ। ਟਰੇਨਿੰਗ ਦੌਰਾਨ ਨਸ਼ਾ ਮੁਕਤੀ, ਕਾਨੂੰਨੀ ਪ੍ਰਬੰਧ, ਪੁਨਰਵਾਸ ਅਤੇ ਲੋਕਾਂ ਨਾਲ ਸੰਵਾਦ ਸਬੰਧੀ ਵਿਸ਼ਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਦੂਜੇ ਪੜਾਅ ਅਧੀਨ ਨਸ਼ਿਆਂ ਵਿਰੁੱਧ ਪੈਦਲ ਯਾਤਰਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਪਿੰਡ-ਪੱਧਰੀ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਲਈ ਲੋਕ ਭਾਗੀਦਾਰੀ ਬਹੁਤ ਜ਼ਰੂਰੀ ਹੈ।
ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਕਮੇਟੀਆਂ ਪਿੰਡ ਪੱਧਰ ’ਤੇ ਨਿਗਰਾਨੀ, ਜਾਣਕਾਰੀ ਸਾਂਝੀ ਕਰਨ ਅਤੇ ਨਸ਼ਿਆਂ ਖ਼ਿਲਾਫ਼ ਸਮਾਜਕ ਦਬਾਅ ਬਣਾਉਣ ਵਿੱਚ ਸਰਗਰਮ ਭੂਮਿਕਾ ਅਦਾ ਕਰਨਗੀਆਂ।
ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਨਸ਼ਾ ਮੁਕਤ, ਤੰਦਰੁਸਤ ਤੇ ਖੁਸ਼ਹਾਲ ਸਮਾਜ ਦੀ ਰਚਨਾ ਵਿੱਚ ਆਪਣਾ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ