
ਖੰਨਾ,22 ਫਰਵਰੀ (ਹਿੰ.ਸ.)। ਮਨਰੇਗਾ ਨੂੰ ਖਤਮ ਕਰਕੇ ਉਸਦੀ ਜਗ੍ਹਾ ਵੀ. ਬੀ. ਜੀ ਰਾਮ ਜੀ ਯੋਜਨਾ ਲਿਆਂਦੇ ਜਾਣ ਦੇ ਵਿਰੋਧ ’ਚ ਕਾਂਗਰਸ ਦੇਸ਼ ਵਿਆਪੀ ਅੰਦੋਲਨ ਕਰ ਰਹੀ ਹੈ। ਇਸ ਕ੍ਰਮ ’ਚ ਪੰਜਾਬ ਕਾਂਗਰਸ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ’ਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼ਿਰਕਤ ਕਰ ਰਹੇ ਹਨ। ਪਾਰਟੀ ਵਲੋਂ “ਮਨਰੇਗਾ ਬਚਾਓ ਸੰਗ੍ਰਾਮ” ਤਹਿਤ ਹੋਣ ਜਾ ਰਹੀ ਰੈਲੀ ਦੇ ਸਬੰਧ ਵਿਚ ਖੰਨਾ ਰੈਸਟ ਹਾਊਸ ਵਿਖੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਅਹੁਦੇਦਾਰ ਸਾਹਿਬਾਨਾਂ ਦੀ ਮੀਟਿੰਗ ਕੀਤੀ ਗਈ।
ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਪੁਲਸ ਜ਼ਿਲ੍ਹਾ ਖੰਨਾ ਦੇ ਨਿਯੁਕਤ ਕੀਤੇ ਗਏ ਇੰਚਾਰਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਰੈਲੀ ਨੂੰ ਸਫਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਅਤੇ ਜ਼ਿੰਮੇਵਾਰੀਆਂ ਨਿਰਧਾਰਤ ਕੀਤੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਸਾਂਸਦ ਡਾ. ਅਮਰ ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਹ ਮੁਹਿੰਮ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਖ਼ਤਮ ਕਰਕੇ ਉਸ ਦੀ ਥਾਂ ''ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ-ਗ੍ਰਾਮੀਣ (ਵੀ. ਬੀ. ਜੀ ਰਾਮ ਜੀ)'' ਲਿਆਂਦੇ ਜਾਣ ਦੇ ਵਿਰੋਧ ਵਜੋਂ ਪਾਰਟੀ ਦੇ ਦੇਸ਼ ਵਿਆਪੀ ਅੰਦੋਲਨ ਦਾ ਹਿੱਸਾ ਹੈ। ਕਾਂਗਰਸ ਪਾਰਟੀ ਗਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੀ ਹੈ ਤੇ ਅੱਗੇ ਵੀ ਕਰਦੀ ਰਹੇਗੀ।
ਉਨ੍ਹਾਂ ਕਿਹਾ ਕਿ ਇਸ ਮੌਕੇ ’ਤੇ ਕਾਂਗਰਸ ਵਲੋਂ ਕਿਸਾਨਾਂ, ਮਜ਼ਦੂਰਾਂ ਦਾ ਬਰਨਾਲਾ ਵਿਚ ਵਿਸ਼ਾਲ ਇਕੱਠ ਕੀਤਾ ਜਾਣਾ ਹੈ, ਜਿਸ ’ਚ ਮਨਰੇਗਾ ਬਚਾਉਣ ਦਾ ਸੱਦਾ ਵੀ ਦਿੱਤਾ ਜਾਵੇਗਾ ਅਤੇ ਨਾਲ ਹੀ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਪੰਜਾਬ ਦੀ ਕਿਸਾਨੀ ’ਤੇ ਪੈਣ ਵਾਲੇ ਮਾਰੂ ਪ੍ਰਭਾਵਾਂ ਦੀ ਗੱਲ ਕੀਤੀ ਜਾਵੇਗੀ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਰੈਲੀ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਦਾ ਮੁੱਢ ਬੰਨੇਗੀ।
ਇਸ ਮੌਕੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਾਹਨੇਵਾਲ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ, ਲਛਮਣ ਸਿੰਘ ਗਰੇਵਾਲ, ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ