
ਖੰਨਾ, 22 ਫਰਵਰੀ (ਹਿੰ.ਸ.)।ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਅੱਜ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਖੰਨਾ ਸਥਿਤ ਦਫ਼ਤਰ ਅੱਗੇ ਸਾਂਝੇ ਤੌਰ ’ਤੇ ਵਿਸ਼ਾਲ ਧਰਨਾ ਦਿੱਤਾ। ਇਸ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕੁੱਲ ਹਿੰਦ ਮਜ਼ਦੂਰ ਯੂਨੀਅਨ,ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਮ ਐਂਡ ਟ੍ਰਾਂਸਕੋ, ਵੇਰਕਾ ਠੇਕਾ ਮੁਲਾਜ਼ਮ ਯੂਨੀਅਨ, ਲੋਕ ਸੰਘਰਸ਼ ਕਮੇਟੀ ਵਿਚ ਸ਼ਾਮਲ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਜਗਦੇਵ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ ਅਕਾਲ, ਬਲਵੰਤ ਸਿੰਘ ਘੁਡਾਣੀ, ਮਲਕੀਤ ਸਿੰਘ, ਸਿਕੰਦਰ ਸਿੰਘ ਸਮਰਾਲਾ, ਅਵਤਾਰ ਸਿੰਘ ਭੱਟੀਆਂ, ਰਾਜਵੀਰ ਸਿੰਘ, ਪ੍ਰਗਟ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਦਾਉਮਾਜਰਾ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਅੰਮ੍ਰਿਤ ਸਿੰਘ, ਸੁਦਾਗਰ ਸਿੰਘ ਘੁਡਾਣੀ ਕਲਾਂ, ਬਲਵੀਰ ਸਿੰਘ, ਜਸਵਿੰਦਰ ਸਿੰਘ ਨੇ ਸੋਧ ਬਿੱਲ 2025 ਅਤੇ ਬਿਜਲੀ ਐਕਟ 2003 ਨੂੰ ਵਾਪਸ ਲੈਣ, ਚਾਰ ਲੇਬਰ ਕੋਡ ਰੱਦ ਕਰਨ, ਮਨਰੇਗਾ ਨੂੰ ਬਹਾਲ ਕਰਨ, ਬੀਜ ਬਿੱਲ 2025 ਨੂੰ ਵਾਪਸ ਲੈਣ ਦੀ ਮੰਗ ਕੀਤੀ।ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਤੋਂ ਬਣੇ ਲੋਕ ਪੱਖੀ ਕਾਨੂੰਨਾਂ ਨੂੰ ਵੱਡੇ ਪੱਧਰ ’ਤੇ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਕਾਨੂੰਨਾਂ ਨੂੰ ਮੁੱਢੋਂ ਹੀ ਖਤਮ ਕੀਤਾ ਜਾ ਰਿਹਾ ਹੈ। ਵੱਡੇ ਪੱਧਰ ’ਤੇ ਕਾਰਪੋਰੇਟ ਪੱਖੀ ਨਵੇਂ ਨਵੇਂ ਕਾਨੂੰਨ ਲਿਆ ਕੇ ਕਿਰਤੀ ਲੋਕਾਂ ਦੀ ਰੱਤ ਨਿਚੋੜ ਲੁੱਟ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ। ਇਸ ਹੱਲੇ ਤਹਿਤ ਵੱਖ ਵੱਖ ਵਿਭਾਗਾਂ ਵਿੱਚ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ, ਰੋਜ਼ਗਾਰ ਤੇ ਲੱਗੇ ਕਾਮਿਆਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ, ਲੁੱਟ ਅਤੇ ਰੱਤ ਨਿਚੋੜ ਮੁਨਾਫੇ ਲਈ ਆਊਟਸੋਰਸਡ ਪ੍ਰਣਾਲੀ ਧੜੱਲੇ ਨਾਲ ਲਾਗੂ ਕੀਤੀ ਜਾ ਰਹੀ ਹੈ, ਕਾਮਾ ਦੋਖੀ ਚਾਰ ਲੇਬਰ ਕੋਡ ਵੀ ਲਾਗੂ ਕੀਤੇ ਜਾ ਰਹੇ ਹਨ, ਨਵੀਂ ਪੈਨਸ਼ਨ ਪਾਲਿਸੀ ਲਾਗੂ ਕੀਤੀ ਗਈ ਹੈ, ਕੰਮ ਦਿਹਾੜੀ ਅੱਠ ਘੰਟੇ ਤੋਂ 12 ਘੰਟੇ ਕਰ ਦਿੱਤੀ ਗਈ ਹੈ, ਤਨਖਾਹ ਢਾਂਚੇ ਵਿੱਚ ਵੱਡੀ ਤਬਦੀਲੀ ਕਰਕੇ ਉੱਕੀ ਪੁੱਕੀ ਤਨਖਾਹ ਦਾ ਫਾਰਮੂਲਾ ਲਾਗੂ ਕੀਤਾ ਗਿਆ ਹੈ। ਇਸੇ ਨੀਤੀ ਤਹਿਤ ਹੀ ਮਜ਼ਦੂਰਾਂ ਅਤੇ ਕਿਸਾਨਾਂ ਤੇ ਹੱਲਾ ਵਿੱਢਦਿਆਂ ਮਨਰੇਗਾ ਦਾ ਨਾਮ ਬਦਲਣ ਦੇ ਬਹਾਨੇ ਹੇਠ ਇਸ ਨੂੰ ਮੁਕੰਮਲ ਬੰਦ ਕਰਨ ਦੀ ਤਿਆਰੀ ਕੀਤੀ ਗਈ ਹੈ ਅਤੇ ਖੇਤੀ ਤੇ ਕਾਰਪੋਰੇਟੀ ਕਬਜ਼ਾ ਕਰਾਉਣ ਲਈ ਬੀਜ ਬਿੱਲ 2025 ਲਿਆਂਦਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ