
ਖੰਨਾ, 23 ਫਰਵਰੀ (ਹਿੰ.ਸ.)। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਰੋਜ਼ ਸਾਜ਼ਿਸ਼ਾਂ ਰਚ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਕਿਸਾਨ ਸੈੱਲ ਦੇ ਜਨਰਲ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਇੰਚਾਰਜ ਜਨਾਬ ਰਫੀਕ ਮੁਹੰਮਦ ਨੇ ਅੱਜ ਇੱਥੇ ਬਿਆਨ ਜਾਰੀ ਕਰਦਿਆਂ ’ਚ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਪ੍ਰਸ਼ਾਸਨ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਤਸ਼ੱਦਦ ਕੀਤਾ, ਜਿਸ ਨਾਲ ਕਈ ਕਿਸਾਨ ਜ਼ਖਮੀ ਹੋਏ ਅਤੇ ਕਈਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਾਖੁਸ਼ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਆਪ ਸਰਕਾਰ ਦੇ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਵੀ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਹੁਣ ਪੰਜਾਬ ਦੇ ਲੋਕਾਂ ਵਿੱਚ ਆਪ ਸਰਕਾਰ ਵਿਰੁੱਧ ਬਹੁਤ ਜਿਆਦਾ ਗੁੱਸਾ ਹੈ।ਰਫੀਕ ਮੁਹੰਮਦ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਹੈ, ਹੁਣ ਵੀ ਕਾਂਗਰਸ ਪਾਰਟੀ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਕਾਂਗਰਸ ਪਾਰਟੀ ਸਰਕਾਰ ਦੇ ਹਰ ਜ਼ੁਲਮ ਦਾ ਮੂੰਹ ਤੋੜ ਜਵਾਬ ਦੇਵੇਗੀ। ਪੰਜਾਬ ਦਾ ਭਵਿੱਖ ਕੇਵਲ ਕਾਂਗਰਸ ਪਾਰਟੀ ਹੀ ਹੈ ਅਤੇ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ।ਰਫੀਕ ਮੁਹੰਮਦ ਨੇ ਕਿਹਾ ਕਿ ਖੰਨਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਵਾਰਡਾਂ ਅਤੇ ਇਲਾਕਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰੀ ਤੇ ਪੇਂਡੂ ਦੋਵਾਂ ਖੇਤਰਾਂ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕ ਸੁਚੱਜੀ ਯੋਜਨਾਬੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਆਗੂ ਅਤੇ ਵਰਕਰ ਨੂੰ ਲੋਕਾਂ ਦੇ ਸੁੱਖ-ਦੁੱਖ ਵਿੱਚ ਸਰਗਰਮੀ ਨਾਲ ਸ਼ਾਮਲ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਕਾਂਗਰਸ ਪਾਰਟੀ ਨੂੰ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਸਮਾਜ ਦਾ ਹਰ ਵਰਗ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦਾ ਪੂਰਾ ਸਮਰਥਨ ਕਰ ਰਿਹਾ ਹੈ। ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਸੂਬੇ ਵਿੱਚ ਦੁਬਾਰਾ ਇੱਕ ਮਜ਼ਬੂਤ ਅਤੇ ਵਿਕਾਸਸ਼ੀਲ ਕਾਂਗਰਸ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਲਈ 2027 ਵਿਚ ਯਕੀਕਨ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ