ਛੇ ਤੋਂ 16 ਮਾਰਚ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਚੰਡੀਗੜ੍ਹ, 23 ਫਰਵਰੀ (ਹਿੰ.ਸ.)। ਪੰਜਾਬ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ (ਬਜਟ ਇਜਲਾਸ) 6 ਮਾਰਚ ਤੋਂ 16 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ। ਸਾਲ 202
ਮੀਟਿੰਗ ਨੂੰ ਸੰਬੋਧਨ ਕਰਦੇ ਮੁੱਖ ਮੰਤਰੀ ਮਾਨ।


ਚੰਡੀਗੜ੍ਹ, 23 ਫਰਵਰੀ (ਹਿੰ.ਸ.)। ਪੰਜਾਬ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ (ਬਜਟ ਇਜਲਾਸ) 6 ਮਾਰਚ ਤੋਂ 16 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ।

ਸਾਲ 2026-27 ਲਈ 12,800 ਕਰੋੜ ਦੇ ਆਬਕਾਰੀ ਮਾਲੀਏ ਦਾ ਟੀਚਾ

ਮੰਤਰੀ ਮੰਡਲ ਨੇ ਵਿੱਤੀ ਸਾਲ 2026-27 ਲਈ ਸੂਬੇ ਦੀ ਆਬਕਾਰੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਵਿੱਤੀ ਸਾਲ 2026-27 ਲਈ 12,800 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ ਹੈ, ਜੋ ਕਿ ਵਿੱਤ ਵਿਭਾਗ ਦੁਆਰਾ ਪਿਛਲੇ ਵਿੱਤੀ ਸਾਲ ਲਈ ਨਿਰਧਾਰਤ 11,200 ਕਰੋੜ ਰੁਪਏ ਦੇ ਸੋਧੇ ਹੋਏ ਟੀਚੇ ਨਾਲੋਂ 1,600 ਕਰੋੜ ਰੁਪਏ (12.5%) ਦਾ ਵਾਧਾ ਦਰਸਾਉਂਦਾ ਹੈ। ਆਬਕਾਰੀ ਮਾਲੀਆ ਜੋ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਲਗਭਗ 6,200 ਕਰੋੜ ਰੁਪਏ ਸੀ, ਦੇ ਪੰਜ ਸਾਲਾਂ ਦੀ ਮਿਆਦ ਵਿੱਚ ਦੁੱਗਣਾ ਹੋਣ ਦਾ ਅਨੁਮਾਨ ਹੈ।

ਸਰਕਾਰੀ ਜ਼ਮੀਨ 'ਤੇ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸਾਲ 2025 ਵਿੱਚ ਭਾਰੀ ਮੀਂਹਾਂ ਦੌਰਾਨ ਹੜ੍ਹਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ (ਜੋ ਸਰਕਾਰੀ ਜ਼ਮੀਨਾਂ 'ਤੇ ਕਾਸ਼ਤ ਕਰ ਰਹੇ ਹਨ) ਨੂੰ ਮੁਆਵਜ਼ਾ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਅਨੁਸਾਰ ਜਿਨ੍ਹਾਂ ਕਿਸਾਨਾਂ ਦਾ ਸਾਲ 2025 ਦੀ ਵਿਸ਼ੇਸ਼ ਗਿਰਦਾਵਰੀ ਦੌਰਾਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਦੀ ਗਿਰਦਾਵਰੀ 15 ਸਤੰਬਰ, 2015 ਦੇ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ 25 ਸਤੰਬਰ, 2015 ਦੇ ਸੂਬਾ ਸਰਕਾਰ ਦੇ ਪੱਤਰ ਦੀ ਪਾਲਣਾ ਵਿੱਚ ਸਰਕਾਰ ਦੇ ਹੱਕ ਵਿੱਚ ਬਦਲ ਦਿੱਤੀ ਗਈ ਸੀ, ਉਨ੍ਹਾਂ ਨੂੰ ਵੀ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮਾਨਵਤਾ ਦੇ ਆਧਾਰ 'ਤੇ ਇਕ ਵਾਰ ਦੇ ਹੱਲ ਵਜੋਂ ਕੀਤਾ ਜਾਵੇਗਾ ਅਤੇ ਕਿਸੇ ਵੀ ਤਰੀਕੇ ਨਾਲ ਕਿਸੇ ਨੂੰ ਵੀ ਮਾਲਕੀ ਹੱਕ ਨਹੀਂ ਦੇਵੇਗਾ।

ਇਸ ਲਈ ਜਿੱਥੇ ਵੀ 25 ਸਤੰਬਰ, 2015 ਤੋਂ ਪਹਿਲਾਂ ਖਸਰਾ ਗਿਰਦਾਵਰੀ ਵਿੱਚ ਦਰਜ ਵਿਅਕਤੀ ਅਜੇ ਵੀ ਜ਼ਮੀਨ ਦੀ ਖੇਤੀ ਕਰ ਰਿਹਾ ਹੈ ਜਾਂ ਉਸ ਦੇ ਕਾਨੂੰਨੀ ਵਾਰਸ ਜ਼ਮੀਨ ਦੀ ਖੇਤੀ ਕਰ ਰਹੇ ਹਨ ਤਾਂ ਮੁਆਵਜ਼ਾ ਉਸ ਵਿਅਕਤੀ ਜਾਂ ਕਾਨੂੰਨੀ ਵਾਰਸਾਂ ਨੂੰ ਦਿੱਤਾ ਜਾਵੇਗਾ, ਜਿਵੇਂ ਦਾ ਵੀ ਮਾਮਲਾ ਹੋਵੇਗਾ। ਜੇਕਰ ਕਬਜ਼ੇ ਵਿੱਚ ਕੋਈ ਤਬਦੀਲੀ ਹੁੰਦੀ ਹੈ ਜੋ ਸਾਲ 2015 ਦੇ ਮਾਲ ਰਿਕਾਰਡ ਦੇ ਅਨੁਕੂਲ ਨਹੀਂ ਹੈ ਤਾਂ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਸਰਪੰਚ, ਨੰਬਰਦਾਰ ਅਤੇ ਪਟਵਾਰੀ ਵਾਲੀ ਕਮੇਟੀ ਇਸ ਸਬੰਧ ਵਿੱਚ ਪੁਸ਼ਟੀ ਕਰੇਗੀ ਅਤੇ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਲਈ ਰਿਪੋਰਟ ਦੇਵੇਗੀ।

ਲੋੜੀਂਦੇ ਅਪਰਾਧੀਆਂ 'ਤੇ ਕਾਰਵਾਈ ਨੂੰ ਮਜ਼ਬੂਤੀ ਨਾਲ ਯਕੀਨੀ ਬਣਾਉਣ ਲਈ ਪਾਰਦਰਸ਼ੀ ਇਨਾਮ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਇਨਾਮ ਦੇਣ ਲਈ ਪਾਰਦਰਸ਼ੀ ਤੇ ਯੋਜਨਾਬੱਧ ਵਿਧੀ ਨੂੰ ਸੰਸਥਾਗਤ ਬਣਾਉਣਾ ਹੈ ਤਾਂ ਕਿ ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕੀਤਾ ਜਾ ਸਕੇ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਵਿੱਚ ਕਾਨੂੰਨ ਲਾਗੂ ਕਰਨ ਵਾਲੇ ਜਵਾਨਾਂ ਦੇ ਯਤਨਾਂ ਨੂੰ ਮਾਨਤਾ ਦਿੱਤੀ ਜਾ ਸਕੇ। ਵੱਖ-ਵੱਖ ਪੱਧਰ ਉਤੇ ਮਨਜ਼ੂਰੀ ਦੇਣ ਦੀਆਂ ਸ਼ਕਤੀਆਂ ਐਸ.ਐਸ.ਪੀਜ਼, ਪੁਲਿਸ ਕਮਿਸ਼ਨਰਾਂ, ਡੀਜੀਪੀ ਅਤੇ ਹੋਰ ਸਮਰੱਥ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਹਨ।

ਮੰਤਰੀ ਮੰਡਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਵਿੱਚ ਵਾਈਸ-ਚੇਅਰਪਰਸਨਾਂ ਦੇ ਦੋ ਵਾਧੂ ਅਹੁਦੇ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਨਤੀਜੇ ਵਜੋਂ, ਬੋਰਡ ਵਿੱਚ ਵਾਈਸ-ਚੇਅਰਪਰਸਨਾਂ ਦੀ ਗਿਣਤੀ ਮੌਜੂਦਾ ਤਿੰਨ ਤੋਂ ਵਧ ਕੇ ਪੰਜ ਹੋ ਜਾਵੇਗੀ। ਇਸ ਨਾਲ ਸੈਕਟਰ ਅਧਾਰਿਤ ਕੇਂਦਰਿਤ ਹੋਣਾ, ਯੋਜਨਾਵਾਂ ਦੀ ਬਿਹਤਰ ਨਿਗਰਾਨੀ, ਵਿਭਾਗਾਂ ਅਤੇ ਜ਼ਿਲ੍ਹਾ ਯੋਜਨਾ ਕਮੇਟੀਆਂ ਨਾਲ ਬਿਹਤਰ ਤਾਲਮੇਲ ਅਤੇ ਤੇਜ਼ੀ ਨਾਲ ਫੈਸਲਾ ਲੈਣ ਦੇ ਯੋਗ ਬਣਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande