

ਤਰਨ ਤਾਰਨ, 24 ਫਰਵਰੀ (ਹਿੰ.ਸ.)। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਐਨ.ਸੀ.ਡੀ, ਆਭਾ ਆਈ.ਡੀ ਅਤੇ ਹੋਰ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਨਾਲ ਇੱਕ ਜ਼ਰੂਰੀ ਮੀਟਿੰਗ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਵਿੱਚ ਉਨ੍ਹਾਂ ਵੱਲੋਂ ਐਨ.ਸੀ.ਡੀ, ਆਭਾ ਆਈ.ਡੀ ਦੇ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਏ ਨੇ ਕਿਹਾ ਕਿ ਸੰਸਥਾ ਵਿਖੇ ਆਉਣ ਵਾਲੇ ਮਰੀਜ਼ਾਂ ਦੀ ਆਭਾ ਆਈ.ਡੀ ਬਣਾਉਣੀ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਮਰੀਜ਼ਾਂ ਦੀ ਐਨ.ਸੀ.ਡੀ ਸਕਰੀਨਿੰਗ ਵੱਧ ਤੋਂ ਵੱਧ ਕੀਤੀ ਜਾਵੇ, ਤਾਂ ਜ਼ੋ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ। ਮੀਟਿੰਗ ਦੌਰਾਨ ਉਨ੍ਹਾਂ ਨਿਰਦੇਸ਼ ਜਾਰੀ ਕੀਤੇ ਕਿ ਪੰਜਾਬ ਸਰਕਾਰ ਵੱਲੋ ਚਲਾਏ ਜਾ ਰਹੇ ਸਮੂਹ ਪ੍ਰੋਗਰਾਮ/ਸਕੀਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ੳ.ਪੀ.ਡੀ `ਤੇ ਵੀ ਆਮ ਮਰੀਜ਼ਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਯੋਗ ਪ੍ਰਬੰਧ ਕੀਤੇ ਜਾਣ।
ਡਾ. ਰਾਏ ਨੇ ਕਿਹਾ ਕਿ ਸੰਸਥਾਗਤ ਜਣੇਪੇ 100 ਫੀਸਦੀ ਯਕੀਨੀ ਬਣਾਏ ਜਾਣ, ਤਾਂ ਜੋਂ ਜੱਚਾ ਅਤੇ ਬੱਚਾ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਅਧੀਨ ਜ਼ਿਲ੍ਹੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਲੈ ਸਕਣਗੇ। ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਇਸ ਤਹਿਤ ਲੋਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼ੇ੍ਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਮੁਫ਼ਤ ਸਿਹਤ ਸਹੂਲਤਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜ਼ੋ ਕੋਈ ਵੀ ਵਿਅਕਤੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਮੁੱੱਖ ਮੰਤਰੀ ਸਿਹਤ ਯੋਜਨਾ (ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ) ਨੂੰ ਪਿੰਡ-ਪਿੰਡ ਪ੍ਰਚਾਰ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ. ਸੰਦੀਪ ਬੰਬੂਰੀਆ ਡੀ.ਡੀ.ਐਚ.ਓ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਇੰਦਰਜੀਤ ਸਿੰਘ ਭੁੱਲਰ, ਆਰੂਸ਼ ਭੱਲਾ, ਸੰਨੀ ਤਲਵਾਰ ਐਨ.ਸੀ.ਡੀ ਕੋਆਰਡੀਨੇਟਰ, ਜ਼ਿਲ੍ਹਾ ਬਲਾਕ ਅੰਕੜਾ ਸਹਾਇਕ ਆਦਿ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ