

ਮਖੂ,25 ਫਰਵਰੀ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ।
180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।
ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।
ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ 'ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ, “ਇਸ ਨਹਿਰ ਦੀ ਰੀਲਾਈਨਿੰਗ ਨਾਲ 6,45,200 ਹੈਕਟੇਅਰ ਰਕਬੇ ਨੂੰ ਸਿੰਚਾਈ ਦਾ ਪਾਣੀ ਮਿਲੇਗਾ। ਹੁਣ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰਾਂ ਖਾਸ ਕਰਕੇ ਫਾਜ਼ਿਲਕਾ ਅਤੇ ਜਲਾਲਾਬਾਦ ਨੂੰ ਫਿਰੋਜ਼ਪੁਰ ਫੀਡਰ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਪਹਿਲਾਂ ਹੁਸੈਨੀਵਾਲਾ ਹੈੱਡਵਰਕਸ ਤੋਂ ਫੀਡਰ ਰਾਹੀਂ ਪਾਕਿਸਤਾਨ ਨੂੰ ਪਾਣੀ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਪਾਕਿਸਤਾਨ ਦੇ ਕਸੂਰ ਸ਼ਹਿਰ ਨੇੜੇ ਵਗਦੇ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ, ਜੋ ਦੇਸ਼ ਵਿੱਚ ਦੁਬਾਰਾ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਸਰਹੱਦੀ ਪਿੰਡਾਂ ਨੂੰ ਦੂਸ਼ਿਤ ਪਾਣੀ ਮਿਲਦਾ ਹੈ ਪਰ ਹੁਣ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਅਤੇ ਪਿੰਡਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਵਾਟਰ ਰੀਚਾਰਜ ਸਿਸਟਮ ਸ਼ੁਰੂ ਕੀਤਾ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ 'ਆਪ' ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ 'ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਵਾੜ ਤੋਂ ਪਰੇ ਫਸੇ ਹਜ਼ਾਰਾਂ ਏਕੜ ਖੇਤਾਂ ‘ਤੇ ਬੇਰੋਕ ਖੇਤੀ ਲਈ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ, ਕਿਸਾਨਾਂ ਨੂੰ ਲੰਬੇ ਸਮੇਂ ਤੋਂ ਪਛਾਣ ਪੱਤਰ ਦਿਖਾ ਕੇ ਬੀਐਸਐਫ ਦੀ ਸੁਰੱਖਿਆ ਹੇਠ ਆਪਣੇ ਖੇਤਾਂ ਤੱਕ ਪਹੁੰਚਣ ਲਈ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ 532 ਕਿਲੋਮੀਟਰ ਭਾਰਤ-ਪਾਕਿ ਸਰਹੱਦ 'ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਇਹ ਵਾੜ ਪੰਜਾਬ ਦੇ ਖੇਤਰ ਵਿੱਚ ਬਹੁਤ ਅੰਦਰ ਲਗਾਈ ਗਈ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਪੂਰੀ ਜ਼ਿੰਮੇਵਾਰੀ ਨਾਲ ਸੁਚੱਜੀ ਵਰਤੋਂ ਕਰ ਰਹੀ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਨਿਵੇਕਲੀ ਮਿਸਾਲ ਹੈ।ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ