

ਜਲੰਧਰ, 25 ਫਰਵਰੀ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ।
ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ 'ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ 'ਆਪ' ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ 'ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ 'ਤੇ ਲੈਸ ਕੀਤਾ ਗਿਆ ਹੈ।” ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।
ਸਮਾਰੋਹ ਵਿੱਚ ਸ਼ਾਮਲ ਹੋਣ 'ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ। ਉਨ੍ਹਾਂ ਅੱਗੇ ਕਿਹਾ, ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।
ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।
ਤਕਨੀਕੀ ਅਪਗ੍ਰੇਡੇਸ਼ਨ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ 'ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ। ਉਨ੍ਹਾਂ ਕਿਹਾ, ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।
ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ, ਜੋ ਕਿ ਸੂਬਾ ਭਰ ਵਿੱਚ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਸੜਕ ਸੁਰੱਖਿਆ ਫੋਰਸ 146 ਨਵੇਂ ਵਾਹਨਾਂ ਅਤੇ ਆਧੁਨਿਕ ਉਪਕਰਨਾਂ ਨਾਲ ਲੈਸ ਹੈ, ਜਿਸ ਨਾਲ ਹੁਣ ਤੱਕ 46,399 ਜਾਨਾਂ ਬਚਾਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ।
ਪੁਲਿਸ ਫੋਰਸ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ।” ਉਨ੍ਹਾਂ ਅੱਗੇ ਕਿਹਾ, “ਸਾਡੇ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਹੋਈ ਹੈ।
ਉਨ੍ਹਾਂ ਅੱਗੇ ਕਿਹਾ, “ਇਹ ਨਾਪਾਕ ਤਾਕਤਾਂ ਭੁੱਲ ਗਈਆਂ ਸਨ ਕਿ ਬਹਾਦਰ ਪੰਜਾਬ ਪੁਲਿਸ ਫੋਰਸ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਦੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਬੜੀ ਘਾਲਣਾ ਘਾਲ ਕੇ ਹਾਸਲ ਕੀਤੀ ਸੂਬੇ ਦੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਕਰਕੇ, ਸੂਬਾ ਵਿਰੋਧੀ ਤਾਕਤਾਂ ਪ੍ਰਾਪਤ ਕੀਤੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ।” ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖੇਗੀ। ਇਸ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਜਵਾਨਾਂ ਨੂੰ ਵਧਾਈ ਦਿੱਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ