
ਫ਼ਰੀਦਕੋਟ, 25 ਫਰਵਰੀ (ਹਿੰ.ਸ.)। ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ “ਸਾਡੇ ਬਜ਼ੁਰਗ-ਸਾਡਾ ਮਾਣ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ਾਲ ਕੈਂਪ ਮਿਤੀ 26 ਫਰਵਰੀ 2026 (ਵੀਰਵਾਰ) ਸਵੇਰੇ 9.30 ਵਜੇ ਤੋਂ ਤਾਜ ਪੈਲੇਸ, ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ ਵਿਸ਼ੇਸ਼ ਗਿਆਨ, ਹੱਡੀਆਂ ਦੇ ਮਾਹਿਰ, ਚਮੜੀ ਰੋਗ ਵਿਸ਼ੇਸ਼ਗਿਆਨ ਅਤੇ ਜਰਨਲ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ।
ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਨੂੰ ਮਿਲਣ ਵਾਲੀਆਂ ਵੱਖ-ਵੱਖ ਸਰਕਾਰੀ ਸੁਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਮੌਕੇ ’ਤੇ ਹੀ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡ ਤਿਆਰ ਕਰਕੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟ੍ਰਾਈਸਾਈਕਲ, ਵਾਕਿੰਗ ਸਟਿਕਸ ਆਦਿ ਸਹਾਇਕ ਉਪਕਰਨ ਵੀ ਮੁਹੱਈਆ ਕਰਵਾਏ ਜਾਣਗੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਸੀਨੀਅਰ ਸਿਟੀਜ਼ਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਮੁਫ਼ਤ ਸਿਹਤ ਸੇਵਾਵਾਂ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਉਠਾਉਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ