
ਹੁਸ਼ਿਆਰਪੁਰ, 26 ਫਰਵਰੀ (ਹਿੰ.ਸ.)। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਉਨ੍ਹਾਂ ਵਿਭਾਗ ਮੁਖੀਆਂ ਤੋਂ ਉਨ੍ਹਾਂ ਦੇ ਕੰਮ-ਕਾਜ ਦੀ ਜਾਣਕਾਰੀ ਵੀ ਹਾਸਲ ਕੀਤੀ।
ਇਸ ਦੌਰਾਨ ਐਨਕਾਰਡ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜਨਵਰੀ 2026 ਵਿੱਚ ਐਨ.ਡੀ.ਪੀ.ਐੱਸ ਅਧੀਨ 117 ਮਾਮਲੇ ਦਰਜ ਕੀਤੇ ਗਏ ਅਤੇ 146 ਮੁਲਜ਼ਮ ਗ੍ਰਿਫਤਾਰ ਕੀਤੇ ਗਏ। ਇਸੇ ਤਰ੍ਹਾਂ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਜਾਗਰੂਕਤਾ ਸਬੰਧੀ 134 ਮੀਟਿੰਗਾਂ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ੇ ਦੇ ਖਾਤਮੇ ਲਈ ਸਾਰੇ ਵਿਭਾਗ ਇਕੱਜੁਟਤਾ ਨਾਲ ਕੰਮ ਕਰਨ, ਤਾਂ ਜੋ ਸਮਾਜ ਵਿੱਚ ਫੈਲੇ ਇਸ ਜ਼ਹਿਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲਰ, ਆਬਕਾਰੀ ਤੇ ਕਰ, ਪੁਲਿਸ ਵਿਭਾਗ ਤੋਂ ਇਲਾਵਾ ਹੋਰ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਪੱਧਰ 'ਤੇ ਨਸ਼ੇ ਨੂੰ ਰੋਕਣ ਸਬੰਧੀ ਹਰ ਜ਼ਰੂਰੀ ਕਾਰਵਾਈ ਅਮਲ ਵਿੱਚ ਲਿਆਉਣ।
ਇਸ ਦੌਰਾਨ ਜ਼ਿਲ੍ਹਾ ਰੋਡ ਸੇਫਟੀ ਦੀ ਮੀਟਿੰਗ ਵਿੱਚ ਆਰ.ਟੀ.ਓ ਅਮਨਦੀਪ ਕੌਰ ਘੁੰਮਣ ਨੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਜਨਵਰੀ ਮਹੀਨੇ ਵਿੱਚ 81 ਟ੍ਰੈਫਿਕ ਜਾਗਰੂਕਤਾ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਜਨਵਰੀ 2026 ਦੌਰਾਨ ਲਗਭਗ 140 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 19 ਬੱਸਾਂ ਦਾ ਚਲਾਨ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਇਨਫੋਰਸਮੈਂਟ ਕਰਦੇ ਹੋਏ ਵੱਖ-ਵੱਖ ਧਾਰਾਵਾਂ ਅਧੀਨ ਜਨਵਰੀ ਮਹੀਨੇ ਵਿੱਚ 6344 ਚਲਾਨ ਕੀਤੇ ਗਏ, ਜਿਨ੍ਹਾਂ ਵਿੱਚੋਂ ਮੌਕੇ 'ਤੇ ਹੀ 631 ਚਲਾਨਾਂ ਦਾ ਭੁਗਤਾਨ ਕਰਕੇ 390500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮ ਅਧਿਕਾਰੀਆਂ ਤੋਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਵੈਕਟਰ ਬੋਰਨ ਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਯੋਜਨਾਵਾਂ ਬਾਰੇ ਜਨਤਾ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਗਰੂਕਤਾ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਡਿਲਿਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲਿਵਰੀ ਦੌਰਾਨ ਬੀ.ਪੀ.ਐੱਲ ਪਰਿਵਾਰਾਂ ਨਾਲ ਸਬੰਧਤ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਅਧੀਨ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਨਿਯਮਿਤਤਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਅਜਿਹੇ ਮਰੀਜ਼ ਸਾਹਮਣੇ ਆਉਣ 'ਤੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਤੇ ਉੱਤਮ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਸਕੂਲ ਆਫ ਐਮੀਨੈਂਸ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਮਿਡ-ਡੇ-ਮੀਲ ਅਧੀਨ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿੱਚ ਬਾਥਰੂਮਾਂ ਤੇ ਕਮਰਿਆਂ ਦੀ ਸਾਫ-ਸਫਾਈ ਤੋਂ ਇਲਾਵਾ ਹੋਰ ਸਹੂਲਤਾਂ ਵੀ ਯਕੀਨੀ ਬਣਾਏ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਮਿਲ ਸਕੇ। ਇਸ ਦੌਰਾਨ ਉਨ੍ਹਾਂ ਨੇ ਸਮਗਰਾ ਸਿੱਖਿਆ ਅਭਿਆਨ ਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੰਡੀ ਦੇ ਪਿੰਡਾਂ ਵਿੱਚ ਇੰਟਰਨੈੱਟ ਟਾਵਰ, ਐਕਸ-ਸਰਵਿਸ ਮੈਨਾਂ ਦੀਆਂ ਸਮੱਸਿਆਵਾਂ, ਜ਼ਿਲ੍ਹਾ ਵਾਤਾਵਰਣ ਕਮੇਟੀ, ਯੂ.ਈ.ਆਈ.ਪੀ, ਪੀ.ਐੱਮ.ਏ.ਵਾਈ, ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤ੍ਰ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਵਿਲੇਜ ਕੈਂਪੇਨ, ਜਲ ਜੀਵਨ ਮਿਸ਼ਨ ਆਦਿ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ