
ਅੰਮ੍ਰਿਤਸਰ, 26 ਫਰਵਰੀ (ਹਿੰ.ਸ.)। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਨੂਨ-ਏ-ਪੰਜਾਬ ਰਾਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਕਰਵਾਏ ਜਾ ਰਹੇ ਅੰਤਰ ਕਾਲਜ ਸੱਭਿਆਚਾਰਕ ਮੁਕਾਬਲਿਆਂ ਦੇ ਪਹਿਲੇ ਦਿਨ ਸਮਾਗਮ ਵਿਚ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ ਨਵ ਤੇ ਨਿਵਿਆਉਣਯੋਗ ਊਰਜਾ ਸਰੋਤ, ਪ੍ਰਿਟਿੰਗ ਤੇ ਸਟੇਸ਼ਨਰੀ, ਸੁਚੱਜਾ ਪ੍ਰਸਾਸ਼ਨ ਤੇ ਸੂਚਨਾ ਤਕਨੀਕ ਅਤੇ ਰੁਜਗਾਰ ਉਤਪਤੀ ਤੇ ਸਿਖਲਾਈ ਵਿਭਾਗ ਮੰਤਰੀ ਪੰਜਾਬ ਅਮਨ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਇੱਕ ਮਹੱਤਵਪੂਰਨ ਮੋੜ ‘ਤੇ ਖੜ੍ਹਾ ਹੈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਨੇ ਹਮੇਸ਼ਾ ਮੁਸ਼ਕਲਾਂ ਦਾ ਡੱਟ ਕੇ ਸਾਹਮਣਾ ਕੀਤਾ ਹੈ ਅਤੇ ਇਸ ਵਾਰ ਵੀ ਨੌਜਵਾਨ ਪੀੜ੍ਹੀ ਆਪਣੇ ਜਜ਼ਬੇ ਨਾਲ ਇਸ ਚੁਣੌਤੀ ਨੂੰ ਜਿੱਤ ਸਕਦੀ ਹੈ।
ਅਮਨ ਅਰੋੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਡੀਐਨਏ ਵਿੱਚ ਜਜ਼ਬਾ ਅਤੇ ਹਿੰਮਤ ਮੌਜੂਦ ਹੈ ਅਤੇ ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਹਮੇਸ਼ਾ ਮੁਸ਼ਕਲਾਂ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਗਵਾਈ ਕਰਨ।ਉਨਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੇ ਨਾਲ-ਨਾਲ ਸਿੱਖਿਆ ਸੰਸਥਾਵਾਂ ਅਤੇ ਨੌਜਵਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ। ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਧਰਤੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੁਝ ਹਾਲਾਤਾਂ ਕਾਰਨ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕੀਤਾ ਗਿਆ, ਪਰ ਅੱਜ ਦੇ ਨੌਜਵਾਨ ਆਪਣੀ ਸਕਾਰਾਤਮਕ ਸੋਚ ਅਤੇ ਸਰਗਰਮ ਹਿੱਸੇਦਾਰੀ ਨਾਲ ਇਸ ਧਾਰਣਾ ਨੂੰ ਤੋੜ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦੋ ਹੋਏ ਅਰੋੜਾ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਨਹੀ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਨਸ਼ਾ ਵੇਚਣਾ ਬੰਦ ਕਰ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਜੀਰੋ ਟੋਲਰੈਸ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀ ਜਾਵੇਗਾ।
ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਆਪਣੇ ਉਦਘਾਟਨੀ ਸੰਬੋਧਨ ਦੀ ਸ਼ੁਰੂਆਤ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਦੇ ਨਾਅਰੇ ਨਾਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਆਪਣੇ ਸਾਰੇ ਕਾਲਜਾਂ ਅਤੇ ਵਿਭਾਗਾਂ ਨੂੰ ਜੋੜੇਗੀ।
ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਸਾਈਕੋਲੋਜੀ ਵਿਭਾਗ ਅਤੇ ਹੋਰ ਅਕਾਦਮਿਕ ਇਕਾਈਆਂ ਵਿਦਿਆਰਥੀਆਂ ਵਿਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ। ਇਸ ਦੇ ਤਹਿਤ ਮਾਝਾ ਖੇਤਰ ਦੇ ਕਾਲਜਾਂ ਸਮੇਤ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਿੱਖਿਆ ਸੰਸਥਾਨਾਂ ਵਿੱਚ ਵੀ ਨਸ਼ਾ ਮੁਕਤੀ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਿਆ ਜਾ ਸਕੇ।
ਸਮਾਗਮ ਦੀ ਸ਼ੁਰੂਆਤ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਸੰਦੇਸ਼ ਭਰੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਅੰਤਰ ਕਾਲਜ ਸੱਭਿਆਚਾਰਕ ਮੁਕਾਬਲੇ ਦੌਰਾਨ ਲਗਭਗ 11 ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸਮਾਗਮ ਦੇ ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ। ਯੂਨੀਵਰਸਿਟੀ ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਇਹ ਮੁਹਿੰਮ ਨੌਜਵਾਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਮੌਕੇ ਉਪ ਕੁਲਪਤੀ ਪ੍ਰੋ ਕਰਮਜੀਤ ਸਿੰਘ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਸਨਮਾਨਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ