
ਚੰਡੀਗੜ੍ਹ, 28 ਫਰਵਰੀ (ਹਿੰ.ਸ.)। ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅੱਜ ਪੰਜਾਬ ਦੌਰੇ ’ਤੇ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਕਾਂਗਰਸ ਵੱਲੋਂ ਬਰਨਾਲਾ ਵਿੱਚ ਆਯੋਜਿਤ ਰੈਲੀ ਨੂੰ ਸੰਬੋਧਨ ਕਰਨਗੇੇ। ਰੈਲੀ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਹੋਰ ਸੀਨੀਅਰ ਲੀਡਰਸ਼ਪਿ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਰੈਲੀ ਰਾਹੀਂ ਕਾਂਗਰਸ ਮਨਰੇਗਾ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸਬੰਧਤ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰੇਗੀ।
ਕਾਂਗਰਸ ਦੀ ਇਸ ਰੈਲੀ ਨੂੰ ਸੂਬੇ ਅੰਦਰ ਆਗਾਮੀ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸ਼ੰਖਨਾਦ ਮੰਨਿਆ ਜਾ ਰਿਹਾ ਹੈ। ਕਾਂਗਰਸ ਨੇ ਰੈਲੀ ਨੂੰ ਸਫਲ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਹਨ। ਕਾਂਗਰਸ ਦਾ ਕਹਿਣਾ ਹੈ ਕਿ ਇਹ ਰੈਲੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਜਨਤਾ ਦੇ ਹੱਕਾਂ ਦੀ ਲੜਾਈ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਰੈਲੀ ਦੌਰਾਨ ਮਨਰੇਗਾ ਬਚਾਓ ਮੁਹਿੰਮ ਤਹਿਤ ਦੇਸ਼ ਭਰ ਦੇ ਗਰੀਬ ਵਰਗ, ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਚੁੱਕੀ ਜਾਵੇਗੀ। ਕਾਂਗਰਸ ਪਾਰਟੀ ਮਨਰੇਗਾ ਦੀ ਰੱਖਿਆ, ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਅਨਿਆਂ ਖ਼ਿਲਾਫ਼ ਲੜਾਈ ਵਿੱਚ ਪੂਰੀ ਤਾਕਤ ਨਾਲ ਮੈਦਾਨ ਵਿੱਚ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੌਰਾਨ ਮਈ 2024 ਨੂੰ ਪਟਿਆਲਾ ਵਿੱਚ ਆਪਣੀ ਆਖਰੀ ਵੱਡੀ ਰੈਲੀ ਕੀਤੀ ਸੀ। ਉਹ ਆਖਰੀ ਵਾਰ ਸਤੰਬਰ, 2025 ’ਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਪੰਜਾਬ ਆਏ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ