
ਅੰਮ੍ਰਿਤਸਰ, 01 ਮਾਰਚ (ਹਿੰ.ਸ.)। ਆਸ਼ਾ ਵਰਕਰਾਂ ਆਪਣੀਆਂ ਮੰਗਾ ਨੂੰ ਲੈ ਕੇ ਅੱਜ ਸੂਬਾ ਜਨਰਲ ਸਕੱਤਰ ਸਰਬਜੀਤ ਕੌਰ, ਪਰਮਜੀਤ ਕੌਰ ਅਤੇ ਮਮਤਾ ਸ਼ਰਮਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਕੋਠੀ, ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਪਰਮਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਤਨਖਾਹ 2500 ਰੁਪਏ ਮਹੀਨਾ ਹੈ, ਉਸਨੂੰ ਵਧਾ ਕੇ 18000 ਰੁਪਏ ਕੀਤਾ ਜਾਵੇ। ਸੇਵਾ ਮੁਕਤ ਹੋ ਚੁੱਕੀਆਂ ਆਸ਼ਾ ਵਰਕਰਾਂ ਨੂੰ 10 ਲੱਖ ਰੁਪਏ ਦਾ ਬੀਮਾ ਅਤੇ ਪੈਨਸ਼ਨ ਲਾਗੂ ਕੀਤੀ ਜਾਵੇ। ਭਗਵੰਤ ਮਾਨ ਸਰਕਾਰ ਨੇ ਆਸ਼ਾ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਜ਼ਰੂਰ ਲਾਗੂ ਕੀਤੀਆਂ ਜਾਣਗੀਆਂ, ਪਰ ਅੱਜ ਅਜਿਹਾ ਨਹੀਂ ਕੀਤਾ ਗਿਆ ਹੈ, ਅੱਜ ਆਸ਼ਾ ਵਰਕਰਾਂ ਨੂੰ ਮਜ਼ਬੂਰ ਹੋ ਕੇ ਮੰਤਰੀ ਦੀ ਕੋਠੀ ਨੇੜੇ ਧਰਨਾ ਲਗਾਉਣਾ ਪਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸਮੂਹ ਆਸ਼ਾ ਵਰਕਰਾਂ ਸਰਕਾਰ ਖ਼ਿਲਾਫ਼ ਸੜਕਾਂ ’ਤੇ ਆਉਣ ਨੂੰ ਮਜ਼ਬੂਰ ਹੋਣਗੀਆਂ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ