
ਪਟਿਆਲਾ, 01 ਮਾਰਚ (ਹਿੰ.ਸ.)। ਪੰਜਾਬ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਰਾਜ ਪੱਧਰੀ ਐੱਚ ਪੀ ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮਹੱਤਵਪੂਰਨ ਮੁਹਿੰਮ ਦਾ ਆਗਾਜ਼ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਕੀਤਾ ਗਿਆ, ਜਿਸ ਨਾਲ ਰਾਜ ਭਰ ਵਿੱਚ ਬੱਚੀਆਂ ਨੂੰ ਘਾਤਕ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਜਾਗਰੂਕਤਾ ਅਤੇ ਟੀਕਾਕਰਨ ਪ੍ਰਕਿਰਿਆ ਸ਼ੁਰੂ ਕੀਤੀ ਗਈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਮਹਿਲਾਵਾਂ ਵਿੱਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ, ਜੋ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਹੁੰਦਾ ਹੈ ਅਤੇ ਇਸਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ। ਓਹਨਾ ਕਿਹਾ ਕਿ ਸਮੇਂ ਸਿਰ ਲਗਾਇਆ ਗਿਆ ਟੀਕਾ ਇਸ ਬਿਮਾਰੀ ਤੋਂ ਬਚਾਅ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ।
ਡਾ. ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚ ਪੀ ਵੀ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿੱਚ ਉਹ ਇਸ ਜਾਨਲੇਵਾ ਰੋਗ ਤੋਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਕਿਹਾ ਕਿ “ਜੇਕਰ ਸਾਡੀਆਂ ਧੀਆਂ ਸੁਰੱਖਿਅਤ ਹੋਣਗੀਆਂ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਹੋਣਗੀਆਂ।”
ਇਸ ਮੌਕੇ ਡਾਇਰੈਕਟਰ ਫੈਮਿਲੀ ਤੇ ਵੈਲਫੇਅਰ ਵਿਭਾਗ ਡਾਕਟਰ ਅਦਿਤੀ ਸਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਹਨਾਂ ਲੜਕੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦਾ 14ਵਾਂ ਜਨਮਦਿਨ ਲੰਘ ਚੁੱਕਾ ਹੈ ਪਰ 15ਵਾਂ ਅਜੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ 253 ਸੈਂਟਰਾਂ 'ਚ ਯੋਗ ਬੱਚੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ ‘ਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ, ਜਿਸ ਰਾਹੀਂ ਪੂਰੀ ਪ੍ਰਕਿਰਿਆ ਨੂੰ ਡਿਜ਼ਿਟਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਓਹਨਾ ਜਾਣਕਾਰੀ ਦਿੱਤੀ ਕਿ 16 ਬੱਚੀਆਂ ਦੇ ਟੀਕਾਕਰਨ ਕਰ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਰਾਜ ਭਰ ਵਿੱਚ ਚਲਾਈ ਜਾਵੇਗੀ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਕਰਦਿਆਂ ਟੀਕਾਕਰਨ ਯਕੀਨੀ ਬਣਾਉਣਗੇ।ਓਹਨਾ ਦਸਿਆ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਭਵਿੱਖ ਵਿੱਚ ਸਰਵਾਈਕਲ ਕੈਂਸਰ ਮੁਕਤ ਰਾਜ ਬਣਾਉਣਾ ਹੈ। ਇਸ ਮੌਕੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ ਬਲਵਿੰਦਰ ਕੌਰ, ਸਟੇਟ ਇਮਯੂਨੀਸੇਸ਼ਨ ਅਫ਼ਸਰ ਡਾ ਮੰਜੂ ਸਿਵਿਲ ਸਰਜਨ ਜਸਵਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ, ਸਮੂਹ ਐਸ ਐਮ ਓਜ਼, ਜਿਲ੍ਹਾ ਟੀਕਾਕਰਨ ਅਫਸਰ ਡਾਕਟਰ ਕੁਸ਼ਲਦੀਪ ਕੌਰ ਗਿੱਲ ਜਸਵੀਰ ਗਾਂਧੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ