ਅਕਾਲੀ ਦਲ ਖੰਨਾ ਤੇ ਜਗਰਾਓਂ ਨੂੰ ਜ਼ਿਲ੍ਹਿਆਂ ਵਿਚ ਬਦਲਣ ਲਈ ਵਚਨਬੱਧ : ਸੁਖਬੀਰ ਬਾਦਲ
ਖੰਨਾ/ਚੰਡੀਗੜ੍ਹ, 10 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਖੰਨਾ ਅਤੇ ਜਗਰਾਓਂ ਦੋਵਾਂ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਜਾਵੇਗਾ। ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇੱਥੇ ਯਾਦਵਿੰਦਰ ਸਿੰਘ ਯਾਦੂ ਵੱਲੋਂ ਆਯ
ਖੰਨਾ ’ਚ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ


ਖੰਨਾ/ਚੰਡੀਗੜ੍ਹ, 10 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਖੰਨਾ ਅਤੇ ਜਗਰਾਓਂ ਦੋਵਾਂ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਜਾਵੇਗਾ। ਪੰਜਾਬ ਬਚਾਓ ਮੁਹਿੰਮ ਦੇ ਤਹਿਤ ਇੱਥੇ ਯਾਦਵਿੰਦਰ ਸਿੰਘ ਯਾਦੂ ਵੱਲੋਂ ਆਯੋਜਿਤ ਵਿਸ਼ਾਲ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਇਸ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਨ ਵਾਸਤੇ ਵਚਨਬੱਧ ਹਾਂ ਕਿਉਂਕਿ ਲੋਕ ਚਾਹੁੰਦੇ ਹਨ ਕਿ ਅਰਥਚਾਰੇ ਨੂੰ ਹੁਲਾਰਾ ਦੇਣ ਅਤੇ ਸ਼ਿਕਾਇਤਾਂ ਦੇ ਸੌਖੇ ਨਿਪਟਾਰੇ ਵਾਸਤੇ ਇਨ੍ਹਾਂ ਦੋਵਾਂ ਨੂੰ ਜ਼ਿਲ੍ਹੇ ਦਾ ਦਰਜਾ ਮਿਲੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਖੰਨਾ ਅਨਾਜ ਮੰਡੀ ਜੋ ਕਿ ਏਸ਼ੀਆਈ ਦੀ ਸਭ ਤੋਂ ਵੱਡੀ ਅਨਾਜ ਮੰਡੀ ਹੈ, ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਮੰਡੀ ਦਾ ਬੁਨਿਆਦੀ ਢਾਂਚਾ ਤੇ ਸਹੂਲਤਾਂ ਮਿਆਰੀ ਨਹੀਂ ਹਨ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਕਣਕ ਤੇ ਝੋਨੇ ’ਤੇ ਆੜ੍ਹਤੀਆਂ ਦੀ ਕਮਿਸ਼ਨ ਵਿਚ ਵੀ ਵਾਧਾ ਕਰਾਂਗੇ ਅਤੇ ਇਸ ਵੇਲੇ ਜੋ ਕਮਿਸ਼ਨ 1.5 ਫੀਸਦੀ ਕੀਤੀ ਗਈ, ਉਹ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ 2.5 ਫੀਸਦੀ ਸੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੇ ਜੀਵਨ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ ਕਿਉਂਕਿ ਇਸਦਾ ਅਸਰ ਕਿਸਾਨਾਂ ’ਤੇ ਵੀ ਪੈਂਦਾ ਹੈ।

ਸੂਬੇ ਲਈ ਆਪਣੇ ਦ੍ਰਿਸ਼ਟੀਕੋਣ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਵੱਡੀ ਪੱਧਰ ’ਤੇ ਆਈ ਟੀ ਇੰਡਸਟਰੀ ਲਿਆਵੇਗਾ। ਉਨ੍ਹਾਂ ਕਿਹਾ ਕਿ ਅਸੀਂ ਆਈ ਟੀ ਸੈਕਟਰ ਵਿਚ ਨਿਵੇਸ਼ ਵਾਸਤੇ ਮੁਹਾਲੀ ਅਤੇ ਅੰਮ੍ਰਿਤਸਰ ਦੋ ਸ਼ਹਿਰਾਂ ਦੀ ਪਛਾਣ ਕੀਤੀ ਹੈ। ਦੋਵਾਂ ਸ਼ਹਿਰਾਂ ਵਿਚ ਇਸ ਵਾਸਤੇ ਲੋੜੀਂਦੀ ਮੁਹਾਰਤ ਹੈ ਜਿਵੇਂ ਕਿ ਬੰਗਲੌਰ ਅਤੇ ਹੈਦਰਾਬਾਦ ਵਿਚ ਹੈ ਤੇ ਇਨ੍ਹਾਂ ਸ਼ਹਿਰਾਂ ਵਿਚ ਹਵਾਈ ਅੱਡਿਆਂ ਸਮੇਤ ਲੋੜੀਂਦਾ ਬੁਨਿਆਦੀ ਢਾਂਚਾ ਵੀ ਹੈ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੇ ਇਸਦੇ ਕੰਡੀ ਖੇਤਰ ਦੇ ਵਿਕਾਸ ਵਿਚ ਵਿਸ਼ਵਾਸ ਰੱਖਦਾ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਸਿਰਫ ਇਕ ਸਪੈਸ਼ਲ ਸਨਅਤੀ ਪੈਕੇਜ ਹੀ ਇਨ੍ਹਾਂ ਖਿੱਤਿਆਂ ਦਾ ਵਿਕਾਸ ਕਰ ਸਕਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਇਲਾਕਿਆਂ ਵਿਚ ਅਰਥਚਾਰੇ ਨੂੰ ਹੁਲਾਰਾ ਦੇਣ ਵਾਸਤੇ ਨਵੇਂ ਉਦਯੋਗ ਲੱਗਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਇਨ੍ਹਾਂ ਨਵੇਂ ਉਦਯੋਗਾਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਵਾਸਤੇ ਰਾਖਵੀਂਆਂ ਹੋਣ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ’ਤੇ ਔਰਤਾਂ ਖਿਲਾਫ ਭੱਦੀਆਂ ਟਿੱਪਣੀਆਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਇਕ ਸਰਕਾਰੀ ਸਮਾਗਮ ਵਿਚ ਜਨਤਕ ਤੌਰ ’ਤੇ ਕਿਸੇਂ ਇਕ ਮਹਿਲਾ ਦੇ ਚਰਿੱਤਰ ’ਤੇ ਅਜਿਹੀਆਂ ਇਤਰਾਜ਼ਯੋਗ ਟਿੱਪਣੀਆਂ ਕਰ ਸਕਦੇ ਹਨ।

ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਪੰਜਾਬ ਭਰ ਦੇ ਨਾਲ-ਨਾਲ ਦੇਸ਼ ਭਰ ਵਿਚ ਆਪਣੀਆਂ ਤਸਵੀਰਾਂ ਲਗਵਾਉਣ ਵਾਸਤੇ 4400 ਕਰੋੜ ਰੁਪਏ ਬਰਬਾਦ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਕਿਸਾਨ ਹਾਲੇ ਤੱਕ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਡੀਕ ਰਹੇ ਹਨ ਤੇ ਗਰੀਬਾਂ ਨੂੰ ਸ਼ਗਨ ਤੇ ਆਟਾ ਦਾਲ ਵਰਗੀਆਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਹੁਣ ਇਸ ਫੇਲ੍ਹ ਸਰਕਾਰ ਨੇ 52000 ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਅਤੇ ਸਰਕਾਰੀ ਜ਼ਮੀਨਾਂ ਵੇਚ ਕੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਦ ਰਾਸ਼ੀ ਦੇ ਕੇ ਇਹ ਵੋਟਾਂ ਖਰੀਦਣ ਵਾਲੀ ਗੱਲ ਹੈ।

ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਗੈਂਗਸਟਰਵਾਦ ਤੇ ਨਸ਼ਾ ਮਾਫੀਆ ਦਾ ਖ਼ਾਤਮਾ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਕਾਨੂੰਨ ਲਿਆਵਾਂਗੇ ਕਿ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਜ਼ਮਾਨਤ ਨਾ ਮਿਲੇ ਅਤੇ ਉਹਨਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ। ਬਾਦਲ ਨੇ ਅਗਲੀ ਸਰਕਾਰ ਵਾਸਤੇ ਇਕ ਹੋਰ ਤਰਜੀਹ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਇਕ ਬੂੰਦ ਵੀ ਉਦਯੋਗਿਕ ਜਾਂ ਸੀਵਰੇਜ ਦਾ ਪਾਣੀ ਸਤਲੁਜ ਤੇ ਬਿਆਸ ਦਰਿਆਵਾਂ ਵਿਚ ਨਹੀਂ ਦੇਣ ਦਿਆਂਗੇ ਤੇ ਇਸ ਮਾਮਲੇ ਵਿਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨੱਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲਵਾ ਪੱਟੀ ਵਿਚ ਕੈਂਸਰ ਦੇ ਸਰੋਤ ਨਾਲ ਨਜਿੱਠਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਬਣਨ ’ਤੇ ਰਾਜਸਥਾਨ ਨਹਿਰ ਰਾਹੀਂ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹੀ ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਵਾਸਤੇ ਜ਼ਿੰਮੇਵਾਰ ਹੈ ਅਤੇ ਉਹ ਇਸ ਇਤਿਹਾਸਕ ਅਨਿਆਂ ਨੁੰ ਦਰੁੱਸਤ ਕਰਨਗੇ। ਉਨ੍ਹਾਂਕਿਹਾ ਕਿ ਰਾਜਸਥਾਨ ਨਹਿਰ ਦਾ ਸਾਰਾ ਪਾਣੀ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਵਪਾਰੀਆਂ ਜਿਨ੍ਹਾਂ ’ਤੇ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੌਰਾਨ ਟੈਕਸ ਅਤਿਵਾਦ ਦੀ ਮਾਰ ਮਾਰੀ ਗਈ, ਨੂੰ ਰਾਹਤ ਦੇਣ ਵਾਸਤੇ ’ਰਾਹਤ’ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ।

ਬਾਦਲ ਨੇ ਇਹ ਵੀ ਦੱਸਿਆ ਕਿ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿਚ 50 ਫੀਸਦੀ ਸੀਟਾਂ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਪ੍ਰੋਫੈਸ਼ਨਲ ਸਿੱਖਿਆ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਤੇ ਵੈਟਨਰੀ ਕਾਲਜ ਸਥਾਪਿਤ ਕਰਾਗੇ ਤੇ ਨਾਲ ਹੀ ਇਕ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਾਂਗੇ ਜੋ ਇੰਡਸਟਰੀ ਦੀ ਲੋੜ ਮੁਤਾਬਕ ਨੌਜਵਾਨਾਂ ਨੂੰ ਸਿੱਖਲਾਈ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦੇਵਾਂਗੇ ਤਾਂ ਜੋ ਉਨ੍ਹਾਂ ਨੂੰ ਉਦਮੀ ਬਣਨ ਵਾਸਤੇ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਦੀਪ ਕੌਰ ਯਾਦੂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਪਰਮਜੀਤ ਸਿੰਘ ਢਿੱਲੋਂ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande