
ਤਰਨ ਤਾਰਨ, 10 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ 1 ਮਾਰਚ ਤੋਂ 15 ਮਾਰਚ 2026 ਤੱਕ “ਸਵੱਛਤਾ ਪਖਵਾੜਾ” ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿਚ ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਜ਼ਿਲ੍ਹਾ ਤਰਨ ਤਾਰਨ ਵਿਚ ਇਸ ਪਖਵਾੜੇ ਦੌਰਾਨ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸਬੰਧਿਤ ਦਫ਼ਤਰਾਂ ਵਿਚ ਸਫ਼ਾਈ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ ਕੇਂਦਰਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਫ਼ਾਈ ਕਰਦੇ ਹੋਏ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਤਹਿਤ ਸਫ਼ਾਈ ਅਭਿਆਨ, ਜਾਗਰੂਕਤਾ ਰੈਲੀਆਂ, ਪੋਸਟਰ ਅਤੇ ਨਾਅਰਾ ਲੇਖਨ ਮੁਕਾਬਲੇ, ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ ਬਾਰੇ ਜਾਣਕਾਰੀ, ਕੂੜਾ-ਕਰਕਟ ਦੇ ਠੀਕ ਤਰ੍ਹਾਂ ਨਿਪਟਾਰਾ ਕਰਨ ਬਾਰੇ ਜਾਗਰੂਕਤਾ ਅਤੇ ਸਿਹਤਮੰਦ ਵਾਤਾਵਰਣ ਬਣਾਉਣ ਲਈ ਚਰਚਾ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਅਤੇ ਮਾਤਾਵਾਂ ਨੂੰ ਨਿੱਜੀ ਸਫ਼ਾਈ ਅਤੇ ਵਾਤਾਵਰਣ ਦੀ ਸਫ਼ਾਈ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਗਗਨਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਗੁਰਵੈਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ ਅਭਿਆਨ ਨੇ ਦੱਸਿਆ ਕਿ ਸਵੱਛਤਾ ਪਖਵਾੜਾ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਸਮਾਜ ਵਿਚ ਸਿਹਤਮੰਦ ਅਤੇ ਸਾਫ਼-ਸੁਥਰਾ ਮਾਹੌਲ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਪਖਵਾੜੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਆਂਗਣਵਾੜੀ ਵਰਕਰਾਂ ਅਤੇ ਸਥਾਨਕ ਲੋਕਾਂ ਦੀ ਭਾਗੀਦਾਰੀ ਨਾਲ ਸਫ਼ਾਈ ਸਬੰਧੀ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣਗੀਆਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਾਫ਼-ਸੁਥਰਾ ਅਤੇ ਤੰਦਰੁਸਤ ਸਮਾਜ ਬਣਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ