ਗਰੀਬੀ ਅਤੇ ਸਮਾਜਿਕ ਵਖਰੇਵਿਆਂ ਨੂੰ ਖ਼ਤਮ ਕਰਨ ਲਈ ਸਿੱਖਿਆ ਹੀ ਇੱਕੋ-ਇੱਕ ਸਾਧਨ : ਮੁੱਖ ਮੰਤਰੀ ਮਾਨ
ਜਲੰਧਰ, 11 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆ
ਵਿਦਿਆਰਥੀਆਂ ਨਾਲ ਗੱਲਬਾਤ ਸਮੇਂ ਮੁੱਖ ਮੰਤਰੀ ਭਗਵੰਤ ਮਾਨ


ਜਲੰਧਰ, 11 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਇਹ ਹਾਈ-ਟੈਕ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਨੌਜਵਾਨ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ। ਇਹ ਅਤਿ-ਆਧੁਨਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਹੈ ਅਤੇ ਨੌਜਵਾਨਾਂ ਦੀ ਤਕਦੀਰ ਨੂੰ ਬਦਲਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਇੱਕੋ ਇੱਕ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਗਰੀਬੀ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ।

ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਮਾਨ ਨੇ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ 'ਤੇ ਬਣੇ ਰਹਿਣ ਲਈ ਕਿਹਾ। ਜ਼ਮੀਨੀ ਪੱਧਰ ਨਾਲ ਜੁੜੇ ਲੋਕ ਉਹ ਹੁੰਦੇ ਹਨ ਜੋ ਜ਼ਮੀਨ ਤੋਂ ਉੱਠਦੇ ਹਨ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਨੂੰ ਜਿੱਤਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਵਿਅਕਤੀਆਂ ਲਈ ਕੋਈ ਸੀਮਾ ਨਹੀਂ ਹੁੰਦੀ ਹੈ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਲਾਹ ਦਿੱਤੀ ਕਿ ਆਪਣੀ ਸਫਲਤਾ 'ਤੇ ਮਾਣ ਨਾ ਕਰੋ ਅਤੇ ਨਿਮਰ ਰਹਿ ਕੇ ਵੱਡੀਆਂ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਦੇ ਰਹੋ। ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੀ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਵੀ ਜ਼ਮੀਨ 'ਤੇ ਟਿਕੇ ਰਹਿਣ ਲਈ ਕਿਹਾ ਅਤੇ ਜ਼ੋਰ ਦਿੱਤਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ਼ ਸਫਲਤਾ ਪ੍ਰਾਪਤ ਕਰਨ ਲਈ, ਸਗੋਂ ਚੰਗੇ ਇਨਸਾਨ ਬਣਨ ਲਈ ਵੀ ਪ੍ਰਦਾਨ ਕੀਤੇ ਗਏ ਪਲੇਟਫਾਰਮ ਦੀ ਵਰਤੋਂ ਕਰਨੀ ਚਾਹੀਦੀ ਹੈ।

ਵਿਦਿਆਰਥੀਆਂ ਨੂੰ ਰੌਸ਼ਨ ਅਤੇ ਸੁਨਹਿਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਆਪਣੇ ਲਈ ਮੁਕਾਮ ਬਣਾਉਣਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਇਹ ਧਰਤੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਮੌਕੇ ਪ੍ਰਦਾਨ ਕਰਦੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande