
ਤਰਨ ਤਾਰਨ, 12 ਮਾਰਚ (ਹਿੰ.ਸ.)। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਸਟੈਕ ਦੇ ਆਨਲਾਈਨ ਪੋਰਟਲ 'ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾ ਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ ਬਣਵਾ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਨੂੰ ਇਕ ਵਿਲੱਖਣ ਕਿਸਾਨ ਆਈ.ਡੀ ਜਾਰੀ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ, ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ।
ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਸਾਰੀਆਂ ਕਿਸ਼ਤਾਂ ਭਵਿੱਖ ਵਿੱਚ ਰੁਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਕਿਸਾਨ ਆਈ.ਡੀ ਦੀ ਰਜਿਸਟ੍ਰੇਸ਼ਨ ਆਪਣਾ ਆਧਾਰ ਕਾਰਡ ਲੈ ਕੇ ਨੇੜੇ ਦੇ ਸੀ.ਐਸ.ਸੀ ਸੈਂਟਰ ਪਹੁੰਚ ਕੇ ਪੂਰੀ ਕਰਵਾਉਣ। ਇਸ ਸਬੰਧੀ ਵਿਭਾਗ ਵੱਲੋਂ ਸੀ.ਐਸ.ਸੀ ਸੈਂਟਰਾਂ ਨਾਲ ਮਿਲ ਹੋ ਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ, ਜਿਥੇ ਕਿਸਾਨ ਇਹ ਰਜਿਸਟ੍ਰੇਸ਼ਨ ਫਰੀ ਕਰਵਾ ਸਕਦੇ ਹਨ। ਕਿਸਾਨ ਬਲਾਕ ਖੇਤੀਬਾੜੀ ਦਫਤਰ ਅਤੇ ਸੀ.ਐਸ.ਸੀ ਸੈਂਟਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ