
ਤਰਨ ਤਾਰਨ, 12 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਪੰਜਵੇਂ ਬਜਟ ਵਿਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਪੰਜਾਬ ਦੀਆਂ ਮਾਵਾਂ, ਭੈਣਾਂ, ਧੀਆਂ ਨਾਲ ਕੀਤਾ ਸੀ, ਉਹ ਪੂਰਾ ਹੋ ਗਿਆ ਹੈ ਅਤੇ ਪੰਜਾਬ ਦੀਆਂ ਜਰਨਲ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ. ਸੀ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ।
ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਇਹ ਪ੍ਰਗਟਾਵਾ ਕਰਦਿਆਂ ਚੈਅਰਮੈਨ ਗੁਰਵਿੰਦਰ ਸਿੰਘ ਬਹਿਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾ ਰਹੀ 1000 ਰੁਪਏ ਦੀ ਆਰਥਿਕ ਸਹਾਇਤਾ ਦਰਅਸਲ ਮਾਵਾਂ-ਭੈਣਾਂ ਦੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਹ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਮਜ਼ਬੂਤ ਹੁੰਦੀਆਂ ਹਨ ਤਾਂ ਪਰਿਵਾਰ ਅਤੇ ਸਮਾਜ ਦੋਵੇਂ ਮਜ਼ਬੂਤ ਬਣਦੇ ਹਨ। ਪੰਜਾਬ ਸਰਕਾਰ ਦਾ ਇਹ ਫ਼ੈਸਲਾ ਲੱਖਾਂ ਮਹਿਲਾਵਾਂ ਲਈ ਸਹਾਇਕ ਸਾਬਿਤ ਹੋਵੇਗਾ ਅਤੇ ਘਰੇਲੂ ਖਰਚਿਆਂ ਵਿਚ ਵੀ ਕੁਝ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਚੁੱਕਿਆ ਗਿਆ ਇਹ ਕਦਮ ਮਾਵਾਂ-ਭੈਣਾਂ ਦੇ ਸਨਮਾਨ ਅਤੇ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਹੋਰ ਲੋਕ ਭਲਾਈ ਯੋਜਨਾਵਾਂ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਉੱਪਰ ਦੀ ਹਰ ਯੋਗ ਮਹਿਲਾ ਨੂੰ 1000 ਰੁਪਿਆ ਪ੍ਰਤੀ ਮਹੀਨਾ ਮਿਲੇਗਾ ਜਦਕਿ ਐੱਸ.ਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਿਆ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤੇ ਵਿਚ ਜਮ੍ਹਾ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲੱਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਸੰਭਾਵਨਾ ਹੈ। ਇਸ ਯੋਜਨਾ ਲਈ ਸਰਕਾਰ ਵੱਲੋਂ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਮੌਕੇ ਚੈਅਰਮੈਨ ਰਜਿੰਦਰ ਸਿੰਘ ਉਸਮਾ, ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ, ਐਡਵੋਕੇਟ ਸੁਰਿੰਦਰਪਾਲ ਸਿੰਘ ਮਨਾਵਾਂ, ਅੰਜੂ ਵਰਮਾ, ਬਲਜੀਤ ਕੌਰ, ਠੇਕੇਦਾਰ ਅਵਤਾਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ