
ਫਾਜ਼ਿਲਕਾ, 12 ਮਾਰਚ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਮਾਂ ਰਹਿੰਦੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਲੋਕਾਂ ਨਾਲ ਇਮਾਨਦਾਰੀ ਦੀ ਵਚਨਬੱਧਤਾ ਨਿਭਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰ ਅਰਵਿੰਦ ਬਜਾਜ ਅਤੇ ਫਾਜ਼ਿਲਕਾ ਕੋਆਰਡੀਨੇਟਰ ਮਹਿਲਾ ਵਿੰਗ ਮੰਜੂ ਸੇਤੀਆ ਆਦਿ ਮੌਜੂਦ ਸਨ।
ਚੇਅਰਮੈਨ ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਸਾਡੀ ਸਰਕਾਰ ਨੇ ਲੋਕਾਂ ਨਾਲ ਮੁੱਖ ਤੌਰ ’ਤੇ 5 ਗਾਰੰਟੀਆਂ ਕੀਤੀਆਂ ਸਨ ਜਿਸ ਵਿਚੋਂ 4 ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਤੇ ਰਹਿੰਦੀ ਪੰਜਵੀਂ ਗਰੰਟੀ ਵੀ ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਅਧਿਕਾਰਤ ਤੌਰ ’ਤੇ ਐਲਾਨ ਹੋਣ ਮਗਰੋਂ ਪੂਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਲੋਕ ਭਲਾਈ ਹਿਤ ਕਾਰਜ ਉਲੀਕੇ ਹਨ, ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਹਰ ਇਕ ਵਾਅਦੇ ਨੂੰ ਸਰਕਾਰ ਨੇ ਤੈਅ ਸਮੇਂ ਅੰਦਰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਉਹ ਗਾਰੰਟੀਆਂ ਹਨ ਜੋ ਲੋਕਾਂ ਨੂੰ ਪਹਿਲਾਂ ਦਿੱਤੀਆਂ ਗਈਆਂ ਸਨ, ਇਸ ਤੋਂ ਇਲਾਵਾ ਵੀ ਅਨੇਕਾ ਅਜਿਹੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਜੋ ਐਲਾਨੀਆਂ ਵੀ ਨਹੀਂ ਗਈਆਂ ਸਨ।
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ 'ਤੇ ਸਸ਼ਕਤੀਕਰਨ ਦਾ ਇੱਕ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਵਰਗ ਨਾਲ ਸਬੰਧਤ ਔਰਤ ਨੂੰ ਪ੍ਰਤੀ ਮਹੀਨਾ ਹਜਾਰ ਰੁਪਏ ਮਿਲਣਗੇ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ।
ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ ਬਲਕਿ ਇਹ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਤਿਕਾਰ ਕਰਨ ਦਾ ਫੈਸਲਾ ਹੈ। ਇਹ ਪੈਸਾ ਸਿੱਧਾ ਔਰਤਾਂ ਦੇ ਖਾਤਿਆਂ ਵਿੱਚ ਜਾਵੇਗਾ। ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ਼ੁਰੂ ਹੋ ਜਾਵੇਗੀ। ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਕਿ ਹਰ ਔਰਤ ਇਸ ਯੋਜਨਾ ਵਿੱਚ ਆਸਾਨੀ ਨਾਲ ਸ਼ਾਮਲ ਹੋ ਸਕੇਗੀ। ਇਹ ਯੋਜਨਾ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ!
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸੇਵਾ ਮੁਹੱਈਆ ਕਰਵਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ ਜਿਸ ਨਾਲ ਲੋਕ ਬਿਨਾ ਕਿਸੇ ਖਜਲ-ਖੁਆਰੀ ਦੇ ਸਿਹਤ ਸੇਵਾਵਾਂ ਹਾਸਲ ਕਰ ਰਹੇ ਹਨ ਤੇ ਕੈਂਪਾਂ ਰਾਹੀਂ ਕਾਰਡ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਵੀ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਨਾਲ 90 ਫੀਸਦੀ ਤੋਂ ਵੱਧ ਲੋਕਾਂ ਨੂੰ ਜੀਰੋ ਬਿਜਲੀ ਬਿਲ ਆ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ