
ਚੰਡੀਗੜ੍ਹ, 13 ਮਾਰਚ (ਹਿੰ.ਸ.)। ਬੀਤੇ ਦਿਨੀਂ ਟੈਟ ਦੀ ਸ਼ਰਤ ਨੂੰ ਵਾਪਸ ਕਰਵਾਉਣ ਨੂੰ ਲੈ ਕੇ ਚੱਲਦੇ ਵਿਧਾਨ ਸਭਾ ਇਜਲਾਸ ਦੌਰਾਨ ਵਿਸ਼ੇਸ਼ ਆਰਡੀਨੈਂਸ ਲਿਆਉਣ ਦੀ ਮੰਗ ਨੂੰ ਸਰਕਾਰ ਵਲੋਂ ਅਣਗੌਲਿਆ ਕਰਨ ਦੇ ਰੋਸ ਕਾਰਨ ਅਧਿਆਪਕ ਜਥੇਬੰਦੀਆਂ ਵਿਧਾਨ ਸਭਾ ਵੱਲ ਨੂੰ ਕੂਚ ਕਰ ਰਹੀਆਂ ਸਨ, ਜਿਸ ’ਤੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਕੀਤੇ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੂਬਾ ਕਨਵਰ ਜਸਵੀਰ ਸਿੰਘ ਤਲਵਾੜਾ ਤੇ ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਸਖ਼ਤ ਨਿਖੇਧੀ ਕਰਦੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕੁਰ ਨੇ ਕਿਹਾ ਕਿ ਸਰਕਾਰ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ ਜਬਰੀ ਟੈਟ ਥੋਪ ਰਹੀ ਹੈ, ਜਿਸਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂਂ ਕਿਹਾ ਕਿ ਕੋਈ ਵੀ ਅਧਿਆਪਕ ਭਰਤੀ ਜਦ ਹੁੰਦਾ ਹੈ ਤਾਂ ਉਸ ਦੇ ਨਿਯਮ ਸਰਕਾਰ ਵੱਲੋਂ ਪਹਿਲਾਂ ਹੀ ਤੈਅ ਕੀਤੇ ਹੁੰਦੇ ਹਨ। ਉਨ੍ਹਾਂ ਕਿਹਾ ਕਿ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ’ਤੇ ਟੈਟ ਦੀ ਸ਼ਰਤ ਤਰਕ ਸੰਗਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਟੈਟ ਦੀ ਆੜ ਵਿੱਚ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਦਬਾਉਣਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਡੰਡੇ ਦੇ ਜ਼ੋਰ ਨਾਲ ਅਧਿਆਪਕਾਂ ਦੀ ਅਵਾਜ਼ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਹੀ ਟੈਟ ਦੀ ਸ਼ਰਤ ਵਾਪਸ ਲਵੇ, ਨਹੀ ਤਾਂ ਹੋਰ ਵੀ ਤਿੱਖਾ ਸੰਘਰਸ਼ ਹੋਵੇਗਾ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ