
ਬਠਿੰਡਾ, 13 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਰਾਜ਼ੇਸ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਸੀ.ਐਚ.ਸੀ. ਹਸਪਤਾਲ ਮਹਿਰਾਜ, ਜ਼ਿਲ੍ਹਾ ਬਠਿੰਡਾ, ਵਿਖੇ ਮੈਡੀਕਲ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜੁਰਗਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪ ਦੌਰਾਨ ਡੀ.ਐਲ.ਐਸ.ਏ. ਰਾਹੀਂ ਬਜੁਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ ਗਈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜੁਰਗਾਂ ਨੂੰ ਸਨਮਾਨਯੋਗ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਟੇਟ ਬੈਂਕ ਆਫ ਇੰਡੀਆ ਵਲੋਂ ਬੈਂਕਿੰਗ ਸੇਵਾਵਾਂ ਵੱਲੋਂ ਵਿੱਤੀ ਧੋਖਾਧੜੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਵੱਲੋਂ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜਨ ਕਾਰਡ ਅਤੇ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਉਹ ਆਪਣੀ ਜ਼ਿੰਦਗੀ ਆਤਮਨਿਰਭਰ ਅਤੇ ਆਤਮਗੌਰਵ ਨਾਲ ਜੀ ਸਕਣ।
ਇਸ ਮੌਕੇ ਯੋਗ ਗੁਰੂ ਰਾਧਾ ਸਵਾਮੀ ਬਾਂਸਲ ਬਠਿੰਡਾ ਵੱਲੋਂ ਬਜ਼ੁਰਗਾਂ ਨੂੰ ਸਿਹਤਮੰਦ ਜੀਵਨ ਜੀਉਣ ਲਈ ਯੋਗ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਨਿਯਮਿਤ ਯੋਗ ਆਸਣ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਮਨ ਨੂੰ ਸ਼ਾਂਤੀ ਮਿਲਦੀ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਬਜ਼ੁਰਗਾਂ ਨੂੰ ਵੱਖ-ਵੱਖ ਯੋਗ ਆਸਣਾਂ ਦੀ ਪ੍ਰੈਕਟਿਸ ਕਰਵਾਈ ਗਈ ਅਤੇ ਸਹੀ ਤਰੀਕੇ ਨਾਲ ਕਰਨ ਬਾਰੇ ਵੀ ਸਮਝਾਇਆ ਗਿਆ। ਇਸ ਦੌਰਾਨ ਅੱਖਾਂ ਦੇ ਮਾਹਿਰ ਡਾ. ਵੀਨੂੰ ਨੇ ਬਜ਼ੁਰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਖਾਂ ਦੀ ਸਿਹਤ ਲਈ ਸਮੇਂ-ਸਮੇਂ ਤੇ ਜਾਂਚ ਕਰਵਾਉਣਾ ਅਤੇ ਪੌਸ਼ਟਿਕ ਖੁਰਾਕ ਲੈਣਾ ਬਹੁਤ ਜ਼ਰੂਰੀ ਹੈ, ਤਾਂ ਜੋ ਅੱਖਾਂ ਨਾਲ ਸੰਬੰਧਤ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਕੈਂਪ ਦੌਰਾਨ ਬਜ਼ੁਰਗਾਂ ਦੀ ਮੁਫ਼ਤ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਮੋਤੀਆਬਿੰਦ ਆਪ੍ਰੇਸ਼ਨ ਲਈ ਪੂਰਵ ਮੁਲਾਂਕਣ ਵੀ ਕੀਤਾ ਗਿਆ, ਤਾਂ ਜੋ ਯੋਗ ਬਜੁਰਗਾਂ ਵੱਲੋਂ ਆਪਣੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾ ਸਕਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ