
ਬਠਿੰਡਾ, 13 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਬੰਸ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਫਾਰਮਰ ਰਜਿਸਟਰੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਲਾਗੂ ਕਰਨ ਲਈ ਕੋਆਪਰੇਟਿਵ ਸੋਸਾਇਟੀਆਂ ਦੇ ਇੰਸਪੈਕਟਰਾਂ ਅਤੇ ਸਮੂਹ ਸੈਕਟਰੀਆਂ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਦਾ ਉਦੇਸ਼ ਖੇਤੀਬਾੜੀ ਨਾਲ ਜੁੜੇ ਅਧਿਕਾਰੀਆਂ ਨੂੰ ਫਾਰਮਰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਤੱਕ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ।
ਇਸ ਮੌਕੇ ਜ਼ਿਲ੍ਹਾ ਮੈਨੇਜਰ ਤਰਸੇਮ ਸਿੰਘ ਬਰਾੜ ਵੱਲੋਂ ਟ੍ਰੇਨਿੰਗ ਦਿੰਦਿਆਂ ਫਾਰਮਰ ਰਜਿਸਟਰੀ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਕਿਸਾਨ ਆਪਣੀ ਰਜਿਸਟਰੇਸ਼ਨ ਕਰਵਾ ਕੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਲੈ ਸਕੇ।
ਮੀਟਿੰਗ ਦੌਰਾਨ ਮਹੇਸ਼ਇੰਦਰਪਾਲ ਸਿੰਘ ਤਕਨੀਕੀ ਸਹਾਇਕ (ਅੰਕੜਾ) ਬਠਿੰਡਾ ਵੱਲੋਂ ਫਾਰਮਰ ਰਜਿਸਟ੍ਰੇਸ਼ਨ ਦੀ ਆਨਲਾਈਨ ਪ੍ਰਕਿਰਿਆ ਅਤੇ ਤਕਨੀਕੀ ਪੱਖਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨੇੜਲੇ ਸੀ.ਐਸ.ਸੀ. ਸੈਂਟਰ ਜਾਂ ਕੋਆਪਰੇਟਿਵ ਸੋਸਾਇਟੀ ਵਿੱਚ ਜਾ ਕੇ ਆਪਣੀ ਫਾਰਮਰ ਰਜਿਸਟ੍ਰੇਸ਼ਨ ਲਾਜ਼ਮੀ ਤੌਰ ‘ਤੇ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰੀ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ