
ਨਾਭਾ, 14 ਮਾਰਚ (ਹਿੰ.ਸ.)। ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗੋ ਕੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਯੋਜਨਾ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸੁਰੱਖਿਆ, ਆਤਮਨਿਰਭਰਤਾ ਅਤੇ ਸਮਾਜਿਕ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਹ ਰਕਮ ਸਿੱਧੇ ਤੌਰ ‘ਤੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਾਵਾਂ ਅਤੇ ਧੀਆਂ ਨੂੰ ਆਰਥਿਕ ਸਹਾਇਤਾ ਦੇ ਕੇ ਉਹਨਾਂ ਦੀ ਸਵੈ-ਸਮਰੱਥਾ ਅਤੇ ਸਮਾਜਿਕ ਸਤਿਕਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਮਹਿਲਾਵਾਂ ਆਪਣੇ ਜੀਵਨ ਵਿੱਚ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਵਿਸਾਖੀ ਦੇ ਮੌਕੇ ‘ਤੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ ਯੋਗ ਮਹਿਲਾਵਾਂ ਨੂੰ ਤੁਰੰਤ ਇਸਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ