
ਰਾਜਪੁਰਾ, 14 ਮਾਰਚ (ਹਿੰ.ਸ.)। ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਵੱਲੋਂ ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜਪੁਰਾ ਵਿੱਚ ਜਾਗੋ ਕੱਢੀ ਗਈ। ਇਸ ਜਾਗੋ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਯੋਜਨਾ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸੁਰੱਖਿਆ, ਆਤਮਨਿਰਭਰਤਾ ਅਤੇ ਸਮਾਜਿਕ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜੋ ਸਿੱਧੀ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਾਵਾਂ ਅਤੇ ਧੀਆਂ ਨੂੰ ਆਰਥਿਕ ਮਜ਼ਬੂਤੀ ਦੇਣਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਸਤਿਕਾਰ ਨੂੰ ਵਧਾਉਣਾ ਹੈ, ਤਾਂ ਜੋ ਮਹਿਲਾਵਾਂ ਆਪਣੀ ਜ਼ਿੰਦਗੀ ਵਿੱਚ ਹੋਰ ਵੱਧ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣ।
ਨੀਨਾ ਮਿੱਤਲ ਨੇ ਦੱਸਿਆ ਕਿ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਵਿਸਾਖੀ ਦੇ ਮੌਕੇ ‘ਤੇ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ ਯੋਗ ਮਹਿਲਾਵਾਂ ਨੂੰ ਤੁਰੰਤ ਇਸਦਾ ਲਾਭ ਦਿੱਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ