
ਸਾਹਨੇਵਾਲ/ਚੰਡੀਗੜ੍ਹ, 14 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਵਾਸਤੇ ਡਟੇ ਰਹਿਣਗੇ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸੂਬੇ ਦੇ ਲੋਕ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਡਟਣਗੇ ਤੇ ਇਸਨੂੰ ਲਾਮਿਸਾਲ ਜਿੱਤ ਪ੍ਰਦਾਨ ਕਰਨਗੇ।
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ ਇਕੱਲਿਆਂ ਚੋਣਾਂ ਲੜਨ ਦੇ ਐਲਾਨ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦੀ ਪੰਜਾਬ ਬਚਾਓ ਯਾਤਰਾ ਦੇ ਤਹਿਤ 20 ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਪਾਰਟੀ ਨੂੰ ਗਠਜੋੜ ਦੇ ਮਾਮਲੇ ਵਿਚ ਆਪਣਾ ਫੈਸਲਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ 2024 ਦੀਆਂ ਪਾਰਲੀਮਾਨੀ ਚੋਣਾਂ ਇਕੱਲਿਆਂ ਲੜੀਆਂ ਤੇ ਸਾਡੇ ਵਾਸਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਸਭ ਤੋਂ ਉਪਰ ਹਨ।
ਬਾਦਲ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ ਦਿੱਲੀ ਆਧਾਰਿਤ ਪਾਰਟੀਆਂ ਜੋ ਸਿਰਫ ਰਾਜ ਕਰਨ ਵਾਸਤੇ ਆਉਂਦੀਆਂ ਹਨ, ਤੋਂ ਬਿਲਕੁਲ ਵੱਖਰਾ ਹੈ ਤੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਿਧਾਂਤਾਂ ਵਾਸਤੇ ਡਟਿਆ ਹੈ ਤੇ ਡਟਿਆ ਰਹੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਾਸਤੇ ਕਈ ਲਾਲਚ ਦਿੱਤੇ ਗਏ ਪਰ ਉਹ 17 ਸਾਲਾਂ ਤੱਕ ਜੇਲ੍ਹਾਂ ਵਿਚ ਰਹੇ। ਉਨ੍ਹਾਂ ਕਿਹਾ ਕਿ ਮੈਂ ਵੀ ਪੰਜਾਬ ਦੇ ਹੱਕਾਂ ਵਾਸਤੇ ਸੰਘਰਸ਼ ਕਰਦਾ ਰਹਾਂਗਾ। ਮੈਨੂੰ ਪੰਜਾਬੀਆਂ ਦੀ ਸਿਆਣਪ ’ਤੇ ਪੂਰਨ ਵਿਸ਼ਵਾਸ ਹੈ ਜਿਨ੍ਹਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਨੇ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬੀ ਅਕਾਲੀ ਦਲ ਨੂੰ 100 ਤੋਂ ਵੱਧ ਸੀਟਾਂ ਦੇਣਗੇ।
ਇਸ ਤੋਂ ਪਹਿਲਾਂ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਕੀ ਅਮਿਤ ਸ਼ਾਹ ਜਾਂ ਮੋਦੀ ਤੁਹਾਡੇ ਵਾਸਤੇ ਉਹੀ ਚਿੰਤਾ ਕਰ ਸਕਦੇ ਹਨ ਜੋ ਬਾਦਲ ਪਰਿਵਾਰ ਜਾਂ ਅਕਾਲੀ ਦਲ ਕਰਦਾ ਹੈ ? ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਲੁੱਟਣ ਵਾਸਤੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਹਮੇਸ਼ਾ ਪੰਜਾਬੀਆਂ ਨਾਲ ਚੰਗੇ ਮਾੜੇ ਸਮੇਂ ਵਿਚ ਡਟਿਆ ਹੈ ਤੇ ਉਨ੍ਹਾਂ ਉਦਾਹਰਣ ਦਿੱਤੀ ਕਿ ਕਿਵੇਂ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਤੇ ਕੇਂਦਰ ਸਰਕਾਰ ਪੰਜਾਬੀਆਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਗਈ ਤਾਂ ਅਕਾਲੀ ਦਲ ਉਨ੍ਹਾਂ ਵਾਸਤੇ ਡਟਿਆ ਰਿਹਾ।
ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਬਾਰੇ ਬਾਦਲ ਨੇ ਕਿਹਾ ਕਿ ਅਸੀਂ ਇਹ ਯੂਨੀਵਰਸਿਟੀ ਸਥਾਪਿਤ ਕਰਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਸਾਡੇ ਨੌਜਵਾਨਾਂ ਨੂੰ ਇੰਡਸਟਰੀ ਦੀ ਮੰਗ ਮੁਤਾਬਕ ਸਿਖਲਾਈ ਮਿਲ ਸਕੇ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿਚ ਗ੍ਰੈਜੂਏਸ਼ਨ ਪੱਧਰ ਤੱਕ ਪੰਜਾਬ ਸਿੱਖਿਆ ਮੁਫਤ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵੀ ਅਸੀਂ ਅਜਿਹਾ ਹੀ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ, ਇੰਜੀਨੀਅਰਿੰਗ ਤੇ ਵੈਟਨਰੀ ਕਾਲਜ ਸਥਾਪਿਤ ਕਰਾਂਗੇ ਅਤੇ ਉਨ੍ਹਾਂ ਸਾਰੇ ਕਾਲਜਾਂ ਵਿਚ 50 ਫੀਸਦੀ ਸੀਟਾਂ ਮੈਰੀਟੋਰੀਅਸ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਕਰਾਂਗੇ ਜਿਨ੍ਹਾਂ ਦੀ ਫੀਸ ਸਰਕਾਰ ਅਦਾ ਕਰੇਗੀ।
ਇਸ ਮੌਕੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਇਲਾਕੇ ਵਿਚ ਮਾਇਨਿੰਗ ਦਾ ਹੱਕ ਮਿਲਣਾ ਚਾਹੀਦਾ ਹੈ ਜਿਥੇ ਉਹਨਾਂ ਨੇ ਹੜ੍ਹਾਂ ਦਾ ਸੰਤਾਪ ਹੰਢਾਇਆ ਹੈ। ਇਸ ਮੌਕੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਮਰਨਜੀਤ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੀਨੀਅਰ ਆਗੂ ਕਮਲ ਚੇਤਲੀ, ਰਣਜੀਤ ਸਿੰਘ ਢਿੱਲੋਂ ਅਤੇ ਭੁਪਿੰਦਰ ਸਿੰਘ ਭਿੰਦਾ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ