
ਚੰਡੀਗੜ੍ਹ, 16 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ। ਮਾਨ ਨੇ ਅੱਗੇ ਕਿਹਾ ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ‘ਫਰਿਸ਼ਤੇ’ ਸਕੀਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਸੜਕ 'ਤੇ ਲੰਘਣ ਵਾਲੇ ਹਰ ਰਾਹਗੀਰ ਨੂੰ ਮਦਦ ਲਈ ਪ੍ਰੇਰਦੀ ਹੈ ਅਤੇ ਮਦਦ ਕਰਨ ਲਈ 2,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਜ਼ਖਮੀਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਇਆ ਜਾ ਸਕੇ ਜਦੋਂ ਕਿ ਹਾਦਸੇ ਦੇ ਪੀੜਤਾਂ ਨੂੰ ਪੰਜਾਬ ਦੇ ਕਿਸੇ ਵੀ ਹਸਪਤਾਲ ਵਿੱਚ ਮੁਫ਼ਤ ਇਲਾਜ ਮਿਲ ਸਕੇ।
ਮਾਨ ਨੇ ਅੱਗੇ ਕਿਹਾ ਕਿ ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਕੀਮ ਤਹਿਤ 1,700 ਤੋਂ ਵੱਧ ਜ਼ਖਮੀਆਂ ਨੂੰ ਮੁਫ਼ਤ ਇਲਾਜ ਮਿਲਿਆ ਹੈ। ਸੀਐਮ ਦੀ ਯੋਗਸ਼ਾਲਾ ਦੀ ਪਹਿਲਕਦਮੀ ਪੰਜਾਬ ਭਰ ਵਿੱਚ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਲਗਭਗ ਦੋ ਲੱਖ ਲੋਕ ਹਰ ਰੋਜ਼ ਮੁਫ਼ਤ ਯੋਗਾ ਕਰਦੇ ਹਨ।
ਮਾਨ ਨੇ ਇਹ ਵੀ ਕਿਹਾ ਕਿ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸਬੀਐਸ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਪੰਜਾਬ ਵਿੱਚ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ ਨੂੰ ਸੂਬੇ ਦੇ ਅੰਦਰ ਡਾਕਟਰੀ ਦੀ ਪੜ੍ਹਾਈ ਕਰਨ ਦੇ ਹੋਰ ਮੌਕੇ ਮਿਲਣਗੇ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ