
ਫ਼ਰੀਦਕੋਟ, 16 ਮਾਰਚ (ਹਿੰ.ਸ.)। ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ। ਇਹ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਫਰੀਦਕੋਟ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ/ਕਰਮਚਾਰੀਆਂ, ਐਨ.ਜੀ.ਓਜ ਦੇ ਨੁਮਾਇੰਦਿਆਂ, ਸਰਪੰਚਾਂ ਨਾਲ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਸ਼ੰਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਵੀਆਂ ਹਦਾਇਤਾਂ ਜਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਕਿ ਕਮਿਸ਼ਨ ਵੱਲੋਂ ਰਾਜ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਮੈਂਬਰੀ ਕੋਰ ਗਰੁੱਪਾਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ ਤਾਂ ਕਿ ਪੀੜਤਾਂ ਨੂੰ ਤੁਰੰਤ ਨਿਆਂ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਦਫ਼ਤਰੀ ਕੰਮਾਂ ਵਾਲੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ 11 ਤੋਂ 1 ਵਜੇ ਤੱਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੁਮਾਇੰਦੇ ਨੂੰ ਮਿਲ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ । ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ।
ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਦਿਨੀੰ ਇੱਕ ਐਡਵਾਈਜਰੀ ਜਾਰੀ ਕੀਤੀ ਗਈ ਹੈ , ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਲਾਸ਼ ਨੂੰ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿੱਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕੇਸਾਂ ਵਿੱਚ ਮ੍ਰਿਤਕ ਸਰੀਰ ਸਬੰਧਿਤ ਪਰਵਾਰਕ ਮੈਂਬਰਾਂ ਨੂੰ ਨਾ ਦੇਣ ਦੇ ਮਾਮਲੇ ਵਿੱਚ ਪੁਲਿਸ ਕੇਸ ਦਰਜ ਕੀਤੇ ਜਾਣਗੇ । ਇਸ ਤੋਂ ਇਲਾਵਾ ਉਨ੍ਹਾਂ ਐਂਬੂਲੈਂਸ ਪਾਇਲਟ ਪ੍ਰੋਜੈਕਟ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ, ਕੱਪੜੇ, ਮਾਸਕ ਤੇ ਬੀਮਾ ਮੁਹੱਈਆ ਕਰਵਾਏਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ਜਾਂ https://www.pshrc.net/ ਵੈੱਬਸਾਈਟ ’ਤੇ ਦਿੱਤੀ ਜਾਵੇ ਜਿਸ ’ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ