
ਚੰਡੀਗੜ੍ਹ, 16 ਮਾਰਚ (ਹਿੰ.ਸ.)। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ 'ਤੇ ਧਿਆਨ ਦਿੱਤਾ ਜਾ ਰਿਹਾ ਹੈ। ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਦੀ ਚਿੰਤਾ ਕਰ ਰਹੇ ਹਨ, ਉੱਥੇ 'ਆਪ' ਸਰਕਾਰ ਪੰਜਾਬ ਨੂੰ ਬਚਾਉਣ ਲਈ ਫਿਕਰਮੰਦ ਹੈ ਅਤੇ ਸੂਬੇ ਵਿੱਚ ਫੁੱਟ ਪਾਊ ਸਿਆਸਤ ਨੂੰ ਸਫਲ ਨਹੀਂ ਹੋਣ ਦੇਵੇਗੀ।
'ਆਪ' ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਸਿਆਸਤ ਵਿੱਚ ਨਵੀਂ ਪ੍ਰਥਾ ਕਾਇਮ ਕੀਤੀ ਹੈ ਜਦੋਂ ਕਿ ਰਵਾਇਤੀ ਪਾਰਟੀਆਂ ਪੰਜ ਸਾਲਾਂ ਵਿੱਚ ਵੀ ਅਜਿਹਾ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਅੱਗੇ ਕਿਹਾ, “ਸਾਲ 2022 ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ, ਪੰਜਾਬ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੇਰੇ ਨਾਲ, ਲੱਖਾਂ ਪੰਜਾਬੀਆਂ ਨੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੀ ਸਹੁੰ ਚੁੱਕੀ ਸੀ।”
‘ਆਪ’ ਸਰਕਾਰ ਦੇ ਚਾਰ ਸਾਲ ਪੂਰੇ, ਹੁਣ ਪੰਜਾਬ ਨੂੰ ਨਵੀਆਂ ਬੁੰਲਦੀਆਂ ’ਤੇ ਲਿਜਾਣ ਦਾ ਟੀਚਾ :ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ, ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਅਤੇ ਸਿਰਤੋੜ ਯਤਨ ਕੀਤੇ ਹਨ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ। ਆਉਣ ਵਾਲਾ ਸਾਲ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਇਕ ਨਵੇਂ ਸਿਖਰ 'ਤੇ ਲਿਜਾਣ ਲਈ ਸਮਰਪਿਤ ਹੋਵੇਗਾ।
ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ :
ਮਾਨ ਨੇ ਕਿਹਾ ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲ ਹੁਣ ਪੜ੍ਹਾਈ ਵਿੱਚ ਦੇਸ਼ ਵਿੱਚੋਂ ਪਹਿਲੇ ਸਥਾਨ 'ਤੇ ਹਨ। ਸਰਕਾਰੀ ਸਕੂਲ ਵਿੱਚ ਹੁਣ ਕੋਈ ਵੀ ਬੱਚਾ ਫਰਸ਼ 'ਤੇ ਨਹੀਂ ਬੈਠਦਾ ਕਿਉਂਕਿ ਇਕ ਲੱਖ ਤੋਂ ਵੱਧ ਡੈਸਕ ਦਿੱਤੇ ਗਏ ਹਨ ਤਾਂ ਜੋ ਹਰ ਵਿਦਿਆਰਥੀ ਸਨਮਾਨ ਨਾਲ ਪੜ੍ਹ ਸਕੇ।
ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ 'ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।
ਮਾਨ ਨੇ ਕਿਹਾ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਪੰਜਾਬ ਵਿੱਚ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਲਗਭਗ 1.5 ਲੱਖ ਕਾਲਜ ਵਿਦਿਆਰਥੀ ਕਾਰੋਬਾਰ ਅਤੇ ਹੁਨਰ ਸਿੱਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰ ਰਹੇ ਹਨ। ਸਿਰਫ਼ ਸਾਲ 2026 ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਨੇ ਨੀਟ ਪਾਸ ਕੀਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ