
ਚੰਡੀਗੜ੍ਹ, 16 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਹਾਲੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਵਿਸ਼ਵ ਭਰ ਦੇ ਨਿਵੇਸ਼ਕ ਸ਼ਾਮਲ ਹੋਏ ਅਤੇ ਪੰਜਾਬ ਨੇ ਚਾਰ ਸਾਲਾਂ ਵਿੱਚ 1.55 ਲੱਖ ਕਰੋੜ ਰੁਪਏ ਦਾ ਰਿਕਾਰਡ ਨਿਵੇਸ਼ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਨਾਲ ਰਣਨੀਤਕ ਸਾਂਝੇਦਾਰੀ ਨਾਲ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਤ ਹੋ ਰਹੇ ਹਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ।
ਮਾਨ ਨੇ ਅੱਗੇ ਕਿਹਾ ਕਿ ਰਾਈਟ ਟੂ ਬਿਜ਼ਨਸ ਐਕਟ ਤਹਿਤ ਐਮ.ਐਮ.ਐਮ.ਈਜ਼ ਨੂੰ ਹੁਣ ਨਵੀਆਂ ਫੈਕਟਰੀਆਂ ਸਥਾਪਤ ਕਰਨ ਲਈ ਪ੍ਰਵਾਨਗੀਆਂ ਸਵੈ-ਘੋਸ਼ਣਾ ਦੇ ਆਧਾਰ 'ਤੇ 5 ਤੋਂ 18 ਦਿਨਾਂ ਦੇ ਅੰਦਰ ਦਿੱਤੀਆਂ ਜਾ ਰਹੀਆਂ ਹਨ ਜੋ ਉਦਯੋਗਾਂ ਨੂੰ ਜਲਦ ਨਿਰਮਾਣ ਸ਼ੁਰੂ ਕਰਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਫਾਸਟਟ੍ਰੈਕ ਪੰਜਾਬ ਪੋਰਟਲ ਰਾਹੀਂ 50 ਤੋਂ ਵੱਧ ਰੈਗੂਲੇਟਰੀ ਪ੍ਰਵਾਨਗੀਆਂ ਅਤੇ 200 ਸੇਵਾ ਬੇਨਤੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜੇਕਰ 45 ਦਿਨਾਂ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਡੀਮਡ (ਆਪਣੇ ਆਪ) ਪ੍ਰਵਾਨਗੀ ਜਾਰੀ ਹੋ ਜਾਂਦੀ ਹੈ। ਮਾਨ ਨੇ ਇਹ ਵੀ ਕਿਹਾ ਕਿ ਉਦਯੋਗਪਤੀਆਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਤਿਆਰ ਕੀਤੀ ਗਈ ਹੈ ਜੋ ਬਿਹਤਰ ਰਿਆਇਤਾਂ ਦੀ ਪੇਸ਼ਕਸ਼ ਕਰਦੀ ਹੈ।
ਮਜ਼ਬੂਤ ਵਿੱਤੀ ਪ੍ਰਬੰਧਨ ਨਾਲ ਪੰਜਾਬ ਦੀ ਆਰਥਿਕਤਾ ਵਿੱਚ ਸੁਧਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਪੰਜ ਸਾਲਾਂ ਵਿੱਚ ਆਬਕਾਰੀ ਨੀਤੀ ਤੋਂ ਪੰਜਾਬ ਨੂੰ 53,122 ਕਰੋੜ ਰੁਪਏ ਦੀ ਕਮਾਈ ਹੋਣ ਦੀ ਸੰਭਾਵਨਾ ਹੈ ਜੋ ਕਿ ਪਿਛਲੀ ਸਰਕਾਰ ਦੇ ਮਾਲੀਏ ਨਾਲੋਂ ਲਗਭਗ ਦੁੱਗਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਟੈਂਪ ਅਤੇ ਰਜਿਸਟ੍ਰੇਸ਼ਨ ਤੋਂ 30,367 ਕਰੋੜ ਰੁਪਏ ਦੀ ਕਮਾਈ ਹੋਈ ਹੈ ਜੋ ਕਿ ਪਿਛਲੀ ਸਰਕਾਰ ਨਾਲੋਂ ਲਗਭਗ 2.5 ਗੁਣਾ ਵੱਧ ਹੈ। ਮਾਨ ਨੇ ਅੱਗੇ ਕਿਹਾ ਕਿ ਜੀ.ਐਸ.ਟੀ. ਵਸੂਲੀ ਵਿੱਚ ਵੀ ਭਾਰੀ ਵਾਧਾ ਹੋਇਆ ਹੈ ਕਿਉਂਕਿ ਸਿਰਫ 46 ਮਹੀਨਿਆਂ ਵਿੱਚ 83,739 ਕਰੋੜ ਰੁਪਏ ਜੀ.ਐਸ.ਟੀ. ਵਸੂਲਿਆ ਗਿਆ ਹੈ ਜੋ ਕਿ ਪਿਛਲੀ ਸਰਕਾਰ ਵੱਲੋਂ ਪੰਜ ਸਾਲਾਂ ਵਿੱਚ ਵਸੂਲੇ 61,286 ਕਰੋੜ ਰੁਪਏ ਤੋਂ ਵੱਧ ਹੈ। ਮਜ਼ਬੂਤ ਵਿੱਤੀ ਪ੍ਰਬੰਧਨ ਨੇ ਪੰਜਾਬ ਦੇ ਕਰਜ਼ੇ-ਜੀਐਸਡੀਪੀ ਅਨੁਪਾਤ ਨੂੰ 2022 ਵਿੱਚ 48.25 ਫੀਸਦ ਤੋਂ ਘਟਾ ਕੇ 2026 ਵਿੱਚ 44.47 ਫੀਸਦ ਕਰ ਦਿੱਤਾ ਹੈ।
ਭਵਿੱਖੀ ਐਲਾਨ ਅਤੇ ਵੱਡੇ ਪ੍ਰੋਜੈਕਟ :
ਭਵਿੱਖੀ ਪਹਿਲਕਦਮੀਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੰਬੇ ਸਮੇਂ ਬਾਅਦ ਸੰਭਾਵੀ ਤੌਰ 'ਤੇ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ। ਜਲੰਧਰ ਦੇ ਬਲਟਨ ਪਾਰਕ ਵਿਖੇ ਅਤਿ-ਆਧੁਨਿਕ ਸਟੇਡੀਅਮ ਤਿਆਰ ਹੋ ਜਾਵੇਗਾ ਜਦੋਂ ਕਿ ਮੋਹਾਲੀ ਸਟੇਡੀਅਮ ਨੂੰ ਵੀ ਟੂਰਨਾਮੈਂਟ ਲਈ ਵਰਤਿਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਜਲਦ ਹੀ ਵਿਸ਼ਵ ਪੱਧਰੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਇਆ ਜਾਵੇਗਾ ਜੋ ਖੇਡਾਂ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ।
ਮਾਨ ਨੇ ਅੱਗੇ ਕਿਹਾ ਕ ਿਪੰਜਾਬ ਸਰਕਾਰ ਕੋਲ ਵਿਕਾਸ ਯੋਜਨਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਜੰਗ ਸਿਆਸੀ ਪਾਰਟੀਆਂ ਨਾਲ ਨਹੀਂ ਸਗੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਗਰੀਬੀ ਨਾਲ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਟਾਟਾ ਸਟੀਲ 20 ਮਾਰਚ ਨੂੰ ਪੰਜਾਬ ਵਿੱਚ ਆਪਣਾ ਕੰਮ ਸ਼ੁਰੂ ਕਰੇਗੀ ਜੋ ਕਿ ਜਮਸ਼ੇਦਪੁਰ ਤੋਂ ਬਾਹਰ ਕੰਪਨੀ ਦਾ ਸਭ ਤੋਂ ਵੱਡਾ ਨਿਵੇਸ਼ ਹੋਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ