
ਚੰਡੀਗੜ੍ਹ, 16 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਲੰਬੇ ਸਮੇਂ ਤੋਂ ਬੰਦ ਪਏ ਕੁੱਲ 18,349 ਖਾਲਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਲਈ ਪ੍ਰਤੀ ਕੁਇੰਟਲ 416 ਰੁਪਏ ਮਿਲ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਕੀਮਤ ਹੈ। ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ। ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਕੁੱਲ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ। ਫਸਲਾਂ ਦੀ ਤੁਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਜਾ ਰਿਹਾ ਹੈ।
ਇਤਿਹਾਸਕ ਨਹਿਰੀ ਸਿੰਚਾਈ ਕ੍ਰਾਂਤੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਨਹਿਰੀ ਸਿੰਚਾਈ ਵਿੱਚ 6,700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਨਹਿਰੀ ਪਾਣੀ ਰਾਹੀਂ ਸਿੰਜਾਈ ਕੀਤੀ ਜਾਣ ਵਾਲੀ ਖੇਤੀਬਾੜੀ ਜ਼ਮੀਨ ਸਾਲ 2022 ਵਿੱਚ 26 ਫੀਸਦ ਤੋਂ ਵਧ ਕੇ 2026 ਵਿੱਚ 78 ਫੀਸਦ ਹੋ ਗਈ ਹੈ। ਮਾਨ ਨੇ ਅੱਗੇ ਕਿਹਾ ਕਿ 40 ਤੋਂ 50 ਸਾਲਾਂ ਵਿੱਚ ਪਹਿਲੀ ਵਾਰ 1,365 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ ਜਦੋਂ ਕਿ 15,539 ਕਿਲੋਮੀਟਰ ਤੋਂ ਵੱਧ ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਜਲ ਮਾਰਗਾਂ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 239 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਪ੍ਰਣਾਲੀ ਦੇ ਪੁਨਰ ਵਿਕਾਸ ਨਾਲ 1.25 ਲੱਖ ਏਕੜ ਰਕਬੇ ਵਾਲੇ 433 ਪਿੰਡਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਿਆ ਹੈ ਜਦੋਂ ਕਿ 288 ਕਰੋੜ ਰੁਪਏ ਦੀ ਲਾਗਤ ਵਾਲੇ ਮਹੋਰਾਣਾ ਡਿਸਟ੍ਰੀਬਿਊਟਰੀ ਰੀਮਾਡਲਿੰਗ ਅਤੇ ਮਾਲੇਰਕੋਟਲਾ ਮਾਈਨਰ ਪ੍ਰੋਜੈਕਟ ਨਾਲ 55 ਪਿੰਡਾਂ ਦੇ 44,000 ਏਕੜ ਰਕਬੇ ਨੂੰ ਨਹਿਰੀ ਪਾਣੀ ਦਿੱਤਾ ਜਾਵੇਗਾ।
ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪਹਿਲਕਦਮੀਆਂ : ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਹਰ ਮਹੀਨੇ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਰ ਸਾਲ 14.5 ਕਰੋੜ ਤੋਂ ਵੱਧ ਮੁਫ਼ਤ ਬੱਸ ਸਫ਼ਰ ਦਾ ਲਾਭ ਉਠਾਇਆ ਜਾਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੈਨਸ਼ਨ ਸਕੀਮਾਂ ਵਿੱਚ ਕੁੱਲ 5.2 ਲੱਖ ਨਵੇਂ ਲਾਭਪਾਤਰੀ ਸ਼ਾਮਲ ਕੀਤੇ ਗਏ ਹਨ ਅਤੇ 35.7 ਲੱਖ ਲੋਕਾਂ ਨੂੰ 23,102 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “4,400 ਵਰਕਰਾਂ ਦੀ ਭਰਤੀ ਅਤੇ 6,100 ਹੋਰ ਭਰਤੀਆਂ ਜਾਰੀ ਹੋਣ ਨਾਲ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ 27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ ਮੁਫ਼ਤ ਸੈਨੇਟਰੀ ਪੈਡ ਵੰਡੇ ਜਾਂਦੇ ਹਨ ਅਤੇ ਹੁਣ ਤੱਕ 13.7 ਲੱਖ ਔਰਤਾਂ ਨੂੰ 7.4 ਕਰੋੜ ਸੈਨੇਟਰੀ ਪੈਡ ਵੰਡੇ ਜਾ ਚੁੱਕੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ