
ਅੰਮ੍ਰਿਤਸਰ, 17 ਮਾਰਚ (ਹਿੰ.ਸ.)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਸਪ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮਾਨ ਸਰਕਾਰ ਦੇ ਚਾਰ ਸਾਲ ਪੰਜਾਬ ਲਈ ਇਤਿਹਾਸਕ ਸਾਬਤ ਹੋਏ ਹਨ। ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੋਜ਼ਗਾਰ, ਕਿਸਾਨੀ, ਮਹਿਲਾ ਭਲਾਈ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵੱਡੇ ਬਦਲਾਅ ਆਏ ਹਨ।
ਚੇਅਰਮੈਨ ਬਰਾੜ ਨੇ ਦੱਸਿਆ ਕਿ ਸਿਹਤ ਖੇਤਰ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਟੈਸਟ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 2,661 ਡਾਕਟਰ, ਪੈਰਾਮੈਡੀਕਲ ਸਟਾਫ ਅਤੇ ਕਲੀਨਿਕਲ ਸਟਾਫ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।
ਸਿੱਖਿਆ ਖੇਤਰ ਵਿੱਚ ਪੰਜਾਬ ਨੇ ਦੇਸ਼ ਵਿੱਚ ਮਿਸਾਲ ਕਾਇਮ ਕੀਤੀ ਹੈ। ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਦੇਸ਼ ਵਿੱਚ ਨੰਬਰ-1 ਰਿਹਾ ਹੈ। ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਅਤੇ 845 ਵਿਦਿਆਰਥੀਆਂ ਨੇ ਪਰੀਖਿਆ ਪਾਸ ਕੀਤੀ ਹੈ। 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ 12,000 ਤੋਂ ਵੱਧ ਅਧਿਆਪਕਾਂ ਨੂੰ ਤਰੱਕੀ ਦਿੱਤੀ ਗਈ ਹੈ। ਹੁਣ ਤੱਕ 65,264 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਨੌਜਵਾਨਾਂ ਲਈ 5 ਲੱਖ ਤੋਂ ਜਿਆਦਾ ਪ੍ਰਾਈਵੇਟ ਸੈਕਟਕ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ।
ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਲਈ “ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ” ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸ਼ਹੀਦਾਂ ਦੀਆਂ ਧੀਆਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇ ਕੇ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ।
ਉਦਯੋਗਿਕ ਵਿਕਾਸ ਨੂੰ ਤਰੱਕੀ ਦੇਣ ਲਈ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ 1.55 ਲੱਖ ਕਰੋੜ ਰੁਪਏ ਤੋਂ ਵੱਧ ਦਾ ਉਦਯੋਗਿਕ ਨਿਵੇਸ਼ ਆਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਉਦਯੋਗਿਕ ਅਤੇ ਵਪਾਰਕ ਵਿਕਾਸ ਲਈ ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2026 ਵੀ ਲਾਗੂ ਕੀਤੀ ਗਈ ਹੈ। ਪੰਜਾਬ ਦੇ ਪਿੰਡਾਂ ਵਿੱਚ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਗਿਆ ਹੈ ਅਤੇ 13,000 ਤੋਂ ਵੱਧ ਪਿੰਡਾਂ ਵਿੱਚ ਤਲਾਬਾਂ ਦੀ ਸਫਾਈ ਕੀਤੀ ਗਈ ਹੈ।
ਬਰਾੜ ਨੇ ਦੱਸਿਆ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਹੁਣ ਤੱਕ 50,238 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 32,620 ਕਿੱਲੋ ਨਸ਼ਾ ਜ਼ਬਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੜਕ ਹਾਦਸਿਆਂ ਵਿੱਚ ਵੀ ਵੱਡੀ ਕਮੀ ਆਈ ਹੈ ਅਤੇ ਮੌਤ ਦਰ ਵਿੱਚ 50.12% ਦੀ ਘਟਾਓ ਦਰਜ ਕੀਤੀ ਗਈ ਹੈ ਅਤੇ 47,000 ਲੋਕਾਂ ਨੂੰ ਮਦਦ ਪਹੁੰਚਾਈ ਗਈ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕੇ ਹਨ। “ਭ੍ਰਿਸ਼ਟਾਚਾਰ ਮੁਕਤ ਪੰਜਾਬ” ਮੁਹਿੰਮ ਤਹਿਤ ਐਂਟੀ-ਕਰਪਸ਼ਨ ਹੈਲਪਲਾਈਨ 9501200200 ਸ਼ੁਰੂ ਕੀਤੀ ਗਈ ਹੈ ਅਤੇ ਹੁਣ ਤੱਕ 1,000 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਖੇਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ 3,100 ਨਵੇਂ ਖੇਡ ਮੈਦਾਨ ਬਣਾਏ ਗਏ ਹਨ ਅਤੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ “ਮੇਰੀ ਰਸੋਈ ਯੋਜਨਾ” ਤਹਿਤ ਗਰੀਬ ਪਰਿਵਾਰਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ।
ਕਿਸਾਨਾਂ ਲਈ ਵੀ ਮਾਨ ਸਰਕਾਰ ਨੇ ਵੱਡੇ ਕਦਮ ਚੁੱਕੇ ਹਨ। ਪੰਜਾਬ ਵਿੱਚ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਕੇ ਖੇਤੀ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਫਸਲਾਂ ਦੀ ਖਰੀਦ ਦੇ 24 ਘੰਟਿਆਂ ਵਿੱਚ ਭੁਗਤਾਨ ਦੀ ਵਿਵਸਥਾ ਕੀਤੀ ਗਈ ਹੈ।
ਬਰਾੜ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਨਾਂ ਕਟੌਤੀ ਬਿਜਲੀ ਸਪਲਾਈ ਵੀ ਦਿੱਤੀ ਗਈ ਹੈ। ਅੰਤ ਵਿੱਚ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ