
ਬਟਾਲਾ, 18 ਮਾਰਚ (ਹਿੰ.ਸ.)। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਬਟਾਲਾ ਵਿਖੇ ਡੇਰਾ ਬਾਬਾ ਨਾਨਕ ਰੋਡ ਦੇ ਬਜ਼ਾਰ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਦੁਕਾਨਦਾਰ ਅਤੇ ਵਪਾਰ ਮੰਡਲ ਦੀਆਂ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹਨ ਅਤੇ ਸਰਕਾਰ ਵਲੋਂ ਵੱਡੀ ਪਹਿਲਕਦਮੀ ਕਰਦਿਆਂ ਵਪਾਰੀਆਂ/ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਮੁਸ਼ਕਿਲਾਂ ਸੁਣਕੇ ਹੱਲ ਕਰਵਾਈਆਂ ਜਾ ਰਹੀਆਂ ਹਨ।
ਮੀਟਿੰਗ ਸੰਬੋਧਨ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਅਤੇ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਹਰ ਪੱਖੋਂ ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ