
ਫਾਜ਼ਿਲਕਾ, 18 ਮਾਰਚ (ਹਿੰ.ਸ.)। ਫਾਜ਼ਿਲਕਾ ਅਦਾਲਤ ਨੇ ਸਾਲ 2021 ਵਿੱਚ ਹੋਏ ਇੱਕ ਮਹਿਲਾ ਦੇ ਕਤਲ ਕੇਸ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮ੍ਰਿਤਕਾ ਦੇ ਪਤੀ ਸਮੇਤ ਤਿੰਨ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਹਰੇਕ ਦੋਸ਼ੀ 'ਤੇ 60-60 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਇੱਕ ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ। ਇਹ ਫੈਸਲਾ ਫਾਜ਼ਿਲਕਾ ਦੇ ਜੱਜ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਸੁਣਾਇਆ ਹੈ।
ਮ੍ਰਿਤਕ ਮਹਿਲਾ ਦੀ ਪਛਾਣ ਊਸ਼ਾ ਰਾਣੀ ਵਜੋਂ ਹੋਈ ਹੈ, ਜਿਸ ਦਾ 17 ਨਵੰਬਰ 2021 ਨੂੰ ਪਿੰਡ ਤੁਰਕਾਵਾਲੀ ਵਿੱਚ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਊਸ਼ਾ ਰਾਣੀ ਦਾ ਪਤੀ, ਜੋ ਕਿ ਬੀ.ਐਸ.ਐਫ. ਵਿੱਚ ਤਾਇਨਾਤ ਸੀ, ਦੇ ਕਿਸੇ ਹੋਰ ਔਰਤ ਨਾਲ ਨਾਜਾਇਜ਼ ਸਬੰਧ ਸਨ। ਇਸੇ ਕਾਰਨ ਪਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਨੂੰ ਰਸਤੇ ਵਿੱਚੋਂ ਹਟਾਉਣ ਲਈ ਆਪਣੀ ਪ੍ਰੇਮਿਕਾ ਅਤੇ ਉਸਦੇ ਭਰਾ ਨਾਲ ਮਿਲ ਕੇ ਕਤਲ ਦੀ ਸਾਜ਼ਿਸ਼ ਰਚੀ ਸੀ।
ਨਵਾਂ ਸਲੇਮਸ਼ਾਹ ਪਿੰਡ ਦੇ ਨਿਵਾਸੀ ਅਤੇ ਮ੍ਰਿਤਕ ਮਹਿਲਾ ਦੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜ ਸਾਲਾਂ ਦੀ ਲੰਬੀ ਲੜਾਈ ਤੋਂ ਬਾਅਦ ਅਦਾਲਤ ਵੱਲੋਂ ਇਨਸਾਫ਼ ਮਿਲਿਆ ਹੈ। ਉਨ੍ਹਾਂ ਨੇ 2021 ਵਿੱਚ ਆਪਣੀ ਭੈਣ ਦੇ ਕਤਲ ਤੋਂ ਬਾਅਦ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ। ਵਕੀਲ ਰਾਜਿੰਦਰ ਚੁਚਰਾ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਉਨ੍ਹਾਂ ਨੇ ਮਾਨਯੋਗ ਜੱਜ ਸਾਹਮਣੇ ਸਾਰੇ ਪੁਖ਼ਤਾ ਸਬੂਤ ਪੇਸ਼ ਕੀਤੇ ਸਨ। ਪੰਜ ਸਾਲ ਤੱਕ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮ੍ਰਿਤਕ ਮਹਿਲਾ ਦੇ ਪਤੀ ਮੱਖਣ ਸਿੰਘ ਅਤੇ ਉਸ ਦੇ ਸਾਥੀਆਂ ਬਿੰਦਰ ਕੌਰ ਤੇ ਨਿੱਕਾ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਤਿੰਨਾਂ ਨੂੰ 60-60 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਜੁਰਮਾਨਾ ਨਾ ਭਰਨ 'ਤੇ ਇੱਕ ਸਾਲ ਦੀ ਸਜ਼ਾ ਹੋਰ ਭੁਗਤਣੀ ਪਵੇਗੀ। ਰਾਜਿੰਦਰ ਚੁਚਰਾ ਨੇ ਦੱਸਿਆ ਕਿ ਅਦਾਲਤ ਨੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਸਰਕਾਰੀ ਪੱਧਰ 'ਤੇ ਸਹੂਲਤਾਂ ਮੁਹੱਈਆ ਕਰਵਾਉਣ ਦਾ ਵੀ ਫੈਸਲਾ ਦਿੱਤਾ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ