
ਬਟਾਲਾ, 19 ਮਾਰਚ (ਹਿੰ.ਸ.)। ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਓਹਰੀ ਚੌਂਕ ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਸਮੇਤ ਮੁਹੱਲਾ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ