
ਸ੍ਰੀ ਮੁਕਤਸਰ ਸਾਹਿਬ,19 ਮਾਰਚ (ਹਿੰ.ਸ.)। ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਹਲਕਾ ਲੰਬੀ ਦੇ ਪਿੰਡ ਲੰਬੀ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਬੇਟੇ ਅਮਿਤ ਖੁੱਡੀਆਂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਵੀ ਹਾਜ਼ਰ ਸਨ।
ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਵਲੋਂ ਮੀਟਿੰਗ ਦੌਰਾਨ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ। ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਗੁਰਵਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ, ਪਾਰਦਰਸ਼ੀ ਅਤੇ ਵਿਕਾਸਸ਼ੀਲ ਬਣਾਉਣਾ ਹੈ। ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਹੋਰ ਮਜ਼ਬੂਤ ਹੋ ਰਿਹਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ। ਇਸ ਮੌਕੇ ਐੱਸਡੀਐੱਮ ਮਲੋਟ ਪੰਕਜ ਕੁਮਾਰ, ਈਟੀਓ ਅਮੀਤ ਕੁਮਾਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਕਾਰਜ ਸਾਧਕ ਅਫ਼ਸਰ ਮਲੋਟ ਮੰਗਤ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਭਾਈਚਾਰਾ ਮੌਜੂਦ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ