
ਹੁਸ਼ਿਆਰਪੁਰ, 20 ਮਾਰਚ (ਹਿੰ.ਸ.)। ਹੁਸ਼ਿਆਰਪੁਰ-ਚੰਡੀਗੜ੍ਹ ਰੋਡ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜਖਮੀ ਹੋਏ ਮਰੀਜ਼ਾਂ ਦੀ ਸਿਹਤ ਸੰਭਾਲ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲ 12 ਜਖ਼ਮੀ ਮਰੀਜ਼ਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਮਾਹਿਲਪੁਰ ਵਿਖੇ ਦਾਖਲ ਕਰਕੇ ਉਨ੍ਹਾਂ ਨੂੰ ਤੁਰੰਤ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਮੁਹੱਈਆ ਕਰਵਾਈ ਗਈ। ਇਨ੍ਹਾਂ ਵਿੱਚੋਂ 10 ਮਰੀਜ਼ਾਂ ਨੂੰ ਹੋਰ ਵਧੀਆ ਇਲਾਜ ਲਈ ਉੱਚ ਸਿਹਤ ਸੰਸਥਾਵਾਂ ਵੱਲ ਰੈਫਰ ਕੀਤਾ ਗਿਆ।
ਇਨ੍ਹਾਂ ਵਿੱਚੋਂ 4 ਮਰੀਜ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਆਂਦਾ ਗਿਆ, ਜਿੱਥੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤ ਸਿੰਘ ਅਤੇ ਜਨਰਲ ਸਰਜਨ ਡਾ. ਰੁਪਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਯੋਗ ਇਲਾਜ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਮਨਦੀਪ ਕਮਲ ਵੱਲੋਂ ਖੁਦ ਸਿਵਲ ਹਸਪਤਾਲ ਪਹੁੰਚ ਕੇ ਜਖਮੀ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ ਅਤੇ ਇਲਾਜ ਸੰਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਮਰੀਜ਼ਾਂ ਨੂੰ ਹਰ ਸੰਭਵ ਉਚਿਤ ਇਲਾਜ ਮੁਹੱਈਆ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇ ਸਖਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਿਆਰੀ ਯਕੀਨੀ ਬਣਾਈ ਗਈ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ