
ਅੰਮ੍ਰਿਤਸਰ, 21 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਸਮੂਹ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਦਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਕਨਵੈਂਨਸ਼ਨ ਹਾਲ ਵਿਖੇ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ, ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ, ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਕੋਆਰਡੀਨੇਟਰ ਸੋਨੀਆ ਮਾਨ ਸਮੇਤ ਮਾਝੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਧਾਇਕ ਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਖ਼ਿਲਾਫ਼਼ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ, ਜਿਸਦੀ ਮਿਸਾਲ ਦੁਨੀਆ ਵਿੱਚ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਸਰਕਾਰੀ ਕਾਰਵਾਈ ਨਹੀਂ, ਸਗੋਂ ਇੱਕ ਇਤਿਹਾਸਕ ਜਨ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਉਦੋਂ ਤੱਕ ਸਫਲ ਨਹੀਂ ਮੰਨੀ ਜਾ ਸਕਦੀ ਜਦੋਂ ਤੱਕ ਉਸ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਨਹੀਂ ਬਣਾਈ ਜਾਂਦੀ। ਇਸ ਲਈ ਪਾਰਟੀ ਵੱਲੋਂ ਇਸ ਮੁਹਿੰਮ ਵਿੱਚ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੂੰ ਜੋੜਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਸਾਥ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹਾਲ ਜਿੱਤਿਆ ਜਾਵੇਗਾ।
ਸਿਸੋਦੀਆ ਨੇ ਹਾਜ਼ਰ ਵਲੰਟੀਅਰਜ਼ ਨੂੰ ਕਿਹਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਉਹ ਯੋਧੇ ਹਨ ਜੋ ਫਰੰਟ `ਤੇ ਜਾ ਕੇ ਇਸ ਯੁੱਧ ਨੂੰ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਨਸ਼ੇ ਦਾ ਵਪਾਰ ਕਰਦਾ ਹੈ ਤਾਂ ਇਸ ਦੀ ਸੂਚਨਾ ਸਰਕਾਰ ਨੂੰ ਜ਼ਰੂਰ ਦੇਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਨਸ਼ੇ ਤੇ ਵਪਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਲਿਆ ਹੈ ਉਸ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਕੋਆਰਡੀਨੇਟਰ ਸੋਨੀਆ ਮਾਨ ਵੱਲੋਂ ਮਾਝਾ ਜੋਨ ਦੇ ਸਾਰੇ ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨੂੰ ਸਿਖਲਾਈ ਦਿੰਦੇ ਹੋਏ ਕਿਹਾ ਕਿ ਉਹ ਹਰ ਪਿੰਡ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਅਤੇ ਵਾਰਡ ਡਿਫੈਂਸ ਕਮੇਟੀਆਂ (ਡਬਲਿਊ.ਡੀ.ਸੀ.) ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਮੁਹਿੰਮ ਲਈ ਲਾਮਬੱਧ ਕਰਨ। ਇਸ ਸਿਖਲਾਈ ਪ੍ਰੋਗਰਾਮ ਵਿੱਚ ਮਾਝੇ ਦੇ ਸਾਰੇ ਜ਼ਿਲ੍ਹਿਆਂ ਦੇ ਐੱਸ.ਡੀ.ਐੱਮ. ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਵਰਚੂਅਲ ਸ਼ਮੂਲੀਅਤ ਕੀਤੀ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤੀ ਮੁਹਿੰਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਵਿੱਚ ਦੱਸਿਆ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ