ਪੰਜਾਬ ’ਚ ਵੇਅਰਹਾਊਸਿੰਗ ਦੇ ਡੀਐਮ ਵੱਲੋਂ ਖੁਦਕੁਸ਼ੀ, ਟਰਾਂਸਪੋਰਟ ਮੰਤਰੀ ਨੇ ਦਿੱਤਾ ਅਸਤੀਫਾ
ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਦਿੱਤੇ ਜਾਂਚ ਦੇ ਹੁਕਮ
ਲਾਲਜੀਤ ਭੁੱਲਰ


ਚੰਡੀਗੜ੍ਹ, 21 ਮਾਰਚ (ਹਿੰ.ਸ.)। ਪੰਜਾਬ ਦੇ ਅੰਮ੍ਰਿਤਸਰ ਵਿੱਚ ਤਾਇਨਾਤ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡੀਐਮ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੇ ਗੰਭੀਰ ਮੋੜ ਲੈ ਲਿਆ ਹੈ। ਸ਼ਨੀਵਾਰ ਨੂੰ ਅਧਿਕਾਰੀ ਵੱਲੋਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ।

ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਗਗਨਦੀਪ ਨੇ ਇੱਕ ਵੀਡੀਓ ਰਿਕਾਰਡ ਕੀਤੀ ਅਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਨਾਮ ਲਿਆ। ਵਿਭਾਗ ਦੇ ਕੋਲ ਇੱਕ ਗੋਦਾਮ ਦੇ ਲਈ ਜਗ੍ਹਾ ਦੇਣ ਪ੍ਰਸਤਾਵ ਆਇਆ ਸੀ। ਜਾਂਚ ਦੌਰਾਨ, ਵਿਭਾਗੀ ਟੀਮ ਨੇ ਪਾਇਆ ਕਿ ਪ੍ਰਸਤਾਵਿਤ ਜਗ੍ਹਾ ਤੋਂ ਹਾਈ-ਵੋਲਟੇਜ ਬਿਜਲੀ ਦੀਆਂ ਲਾਈਨਾਂ ਲੰਘਦੀਆਂ ਹਨ, ਜਿਸ ਕਾਰਨ ਇਹ ਸੁਰੱਖਿਅਤ ਦੇ ਲਿਹਾਜਾ ਨਾਲ ਉਚਿਤ ਨਹੀਂ ਸੀ। ਇਸ ਦੇ ਆਧਾਰ 'ਤੇ, ਵਿਭਾਗ ਨੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਦੌਰੇ ਦੌਰਾਨ, ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਥਿਤ ਤੌਰ 'ਤੇ ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਮੈਨੇਜਰ 'ਤੇ ਦਬਾਅ ਪਾਇਆ। ਇਸ ਤੋਂ ਦੁਖੀ ਹੋ ਕੇ, ਗਗਨਦੀਪ ਸਿੰਘ ਰੰਧਾਵਾ ਨੇ ਇਹ ਸਖ਼ਤ ਕਦਮ ਚੁੱਕਿਆ। ਰੰਧਾਵਾ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਪੂਰੇ ਘਟਨਾਕ੍ਰਮ ਦੇ ਬਾਰੇ ਦੱਸਿਆ।ਇਸ ਘਟਨਾ ਨੇ ਪੰਜਾਬ ਵਿੱਚ ਹੜਕੰਪ ਮਚਾ ਦਿੱਤਾ ਹੈ। ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੇ ਮ੍ਰਿਤਕ ਦੀ ਵੀਡੀਓ ਜਾਰੀ ਕਰਕੇ ਮੰਤਰੀ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਸਪਤਾਲ ਦਾ ਦੌਰਾ ਕੀਤਾ ਅਤੇ ਪੀਜੀਆਈ ਬੋਰਡ ਤੋਂ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਨ੍ਹਾਂ ਵਿਰੁੱਧ ਲੱਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ’ਚ ਮੰਤਰੀ ਅਹੁਦਾ ਅੜਿਕਾ ਨਾਂ ਬਣੇ। ਸੱਚਾਈ ਸਾਰਿਆਂ ਦੇ ਸਾਹਮਣੇ ਆਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande