ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਸ਼ਹੀਦੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ
ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ - ਡੀ.ਸੀ
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ।


ਫ਼ਿਰੋਜ਼ਪੁਰ, 22 ਮਾਰਚ (ਹਿੰ.ਸ.)। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ, ਫਿਰੋਜ਼ਪਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਹੁਸੈਨੀਵਾਲਾ ਵਿਖੇ ਪਹੁੰਚੇ ਅਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਅਤੇ ਉਨ੍ਹਾਂ ਵੱਲੋਂ ਪਬਲਿਕ ਰੈਲੀ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚਣਗੇ।

ਇਸ ਦੌਰਾਨ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ ਆਪਣੇ ਨਾਲ ਸਬੰਧਿਤ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਕਿਸੇ ਵੀ ਕੰਮ ਵਿੱਚ ਕੋਈ ਕੁਤਾਹੀ ਨਾ ਕੀਤੀ ਜਾਵੇ ਤਾਂ ਜੋ ਸਮਾਗਮ ਦੇ ਆਯੋਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਐਸਡੀਐਮ ਅਭਿਸ਼ੇਕ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande