
ਚੰਡੀਗੜ੍ਹ, 22 ਮਾਰਚ (ਹਿੰ.ਸ.)। ਡਾ. ਗਗਨਦੀਪ ਸਿੰਘ ਦੀ ਡਾਇੰਗ ਡਿਕਲੇਰੇਸ਼ਨ ਵੀਡੀਓ ਵਿੱਚ, ਜਿਸ ਵਿੱਚ ਉਨ੍ਹਾਂ ਨੇ ਸਪਸ਼ਟ ਤੌਰ ‘ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੇ ਪੀਏ ਨੂੰ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ, ਇਸ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਵਲ ਲਾਲਜੀਤ ਭੁੱਲਰ ਦਾ ਅਸਤੀਫਾ ਸਵੀਕਾਰ ਕਰਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੀਨੀਅਰ ਭਾਜਪਾ ਆਗੂਆਂ ਨਾਲ ਮਿਲ ਕੇ ਸੰਬੰਧਤ ਥਾਣੇ ਦੇ ਬਾਹਰ ਧਰਨਾ ਦੇ ਕੇ ਦਬਾਅ ਬਣਾਇਆ, ਜਿਸ ਤੋਂ ਬਾਅਦ ਦੇਰ ਰਾਤ ਪੁਲਿਸ ਨੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਪੀਏ ਦੇ ਖਿਲਾਫ ਐਫਆਈਆਰ ਦਰਜ ਕੀਤੀ। ਹਾਲਾਂਕਿ ਹੁਣ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸ ਨਾਲ ਸਪਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ, ਇਹ ਗੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕਹੀ।
ਐਤਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਦਾ ਘੇਰਾਓ ਕਰਨ ਤੋਂ ਬਾਅਦ, ਭਾਜਪਾ ਦੀ ਪੰਜਾਬ ਇਕਾਈ ਨੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ 23 ਮਾਰਚ ਨੂੰ ਸਾਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ‘ਤੇ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਾਬਕਾ ਮੰਤਰੀ ਵਿਜੈ ਸਿੰਗਲਾ, ਫੌਜਾ ਸਿੰਘ ਸਰਾਰੀ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਨੂੰ ਜਿਸ ਤਰੀਕੇ ਨਾਲ ਦਬਾਇਆ ਗਿਆ, ਉਸ ਤੋਂ ਸਾਫ਼ ਹੈ ਕਿ ਇਹ ਮਾਮਲਾ ਵੀ ਮੁੱਖ ਮੰਤਰੀ ਮਾਨ ਵੱਲੋਂ ਦਬਾਇਆ ਜਾ ਰੇਹਾ ਹੈ। ਇਸ ਲਈ ਇਨਸਾਫ਼ ਯਕੀਨੀ ਬਣਾਉਣ ਲਈ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਪਾਰਟੀ 24 ਮਾਰਚ ਨੂੰ ਸਾਰੇ ਪੰਜਾਬ ਵਿੱਚ ਸਰਕਲ ਪੱਧਰ ‘ਤੇ ਪ੍ਰਦਰਸ਼ਨ ਕਰਕੇ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ।
ਉਨ੍ਹਾਂ ਨੇ ਪੰਜਾਬ ਵਿੱਚ ਤੇਜ਼ੀ ਨਾਲ ਖਰਾਬ ਹੋ ਰਹੀ ਕਾਨੂੰਨ-ਵਿਵਸਥਾ ‘ਤੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਕਤਲ, ਵਧ ਰਹੇ ਫਿਰੌਤੀ ਦੇ ਮਾਮਲੇ ਅਤੇ ਗੈਂਗਸਟਰਵਾਦ ਦੇ ਫੈਲਾਅ ਨੇ ਸਾਰੇ ਸੂਬੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਰਾਠੌਰ ਨੇ ਦੋਸ਼ ਲਗਾਇਆ ਕਿ ਰਾਜ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ, ਜਿਸ ਨਾਲ ਅਪਰਾਧੀਆਂ ਦੇ ਹੌਸਲੇ ਬੁਲੰਦ ਹੋਏ ਹਨ ਅਤੇ ਅਧਿਕਾਰੀ ਤੇ ਆਮ ਨਾਗਰਿਕ ਦੋਵੇਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ