
ਚੰਡੀਗੜ੍ਹ, 22 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੇ ਗਲੇ ’ਚ ਕੰਡਾ ਬਣ ਚੁੱਕੇ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜਰ ਖੁਦਕੁਸ਼ੀ ਮਾਮਲੇ ਵਿੱਚ ਸ਼ਨੀਵਾਰ ਰਾਤ ਭਰ ਅੰਮ੍ਰਿਤਸਰ ਵਿੱਚ ਹੰਗਾਮਾ ਰਿਹਾ। ਵਿਵਾਦ ਵਧਦਾ ਦੇਖ ਕੇ ਪੰਜਾਬ ਪੁਲਿਸ ਨੇ ਤੜਕੇ ਸਵੇਰੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਨਿੱਜੀ ਸਕੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਲਈ। ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ ਵਿੱਚ ਸਰਕਾਰ ਦੀ ਇਸ ਕਾਰਵਾਈ ਨੂੰ ਡੈਮੇਜ ਕੰਟਰੋਲ ਦੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਵੇਅਰਹਾਊਸਿੰਗ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਪੰਜਾਬ ਦੇ ਅਸਫ਼ੀਤਾ ਦੇ ਚੁੱਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ 'ਤੇ ਪਰੇਸ਼ਾਨੀ ਦਾ ਦੋਸ਼ ਲਗਾਉਂਦੇ ਹੋਏ ਖੁਦਕੁਸ਼ੀ ਕਰ ਲਈ ਸੀ। ਸ਼ਨੀਵਾਰ ਨੂੰ ਰੰਧਾਵਾ ਦੀ ਮੌਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਪ੍ਰਧਾਨ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ ਅਤੇ ਸਰਕਾਰ ਵਿਰੁੱਧ ਅੰਦੋਲਨ ਦਾ ਐਲਾਨ ਕਰ ਦਿੱਤਾ।
ਵਿਰੋਧੀ ਧਿਰ ਦੀ ਧਮਕੀ ਤੋਂ ਬਾਅਦ, ਸਰਕਾਰ ਨੇ ਲਾਲਜੀਤ ਭੁੱਲਰ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ। ਰੰਧਾਵਾ ਦਾ ਪਰਿਵਾਰ ਅਤੇ ਵਿਰੋਧੀ ਪਾਰਟੀਆਂ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ 'ਤੇ ਅੜੀਆਂ ਰਹੀਆਂ। ਮ੍ਰਿਤਕ ਦੇ ਪਰਿਵਾਰ ਨੇ ਸ਼ਨੀਵਾਰ ਸ਼ਾਮ ਨੂੰ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਬਾਅਦ, ਬੀਤੀ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਕੱਤਰ ਦਿਲਬਾਗ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨਾਂ 'ਤੇ ਭਾਰਤੀ ਦੰਡਾਵਲੀ ਦੀ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ), 351(3) ਜਾਨਲੇਵਾ ਧਮਕੀ ਅਤੇ ਅਤੇ 3(5) ਜੁਰਮ ਦੇ ਨਾਲ ਧਾਰਾਵਾਂ ਲਗਾਈਆਂ ਗਈਆਂ ਹਨ।
ਪੁਲਿਸ ਨੇ ਰੰਧਾਵਾ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ 'ਤੇ ਇਹ ਕੇਸ ਦਰਜ ਕੀਤਾ। ਪਤਨੀ ਨੇ ਕਿਹਾ ਕਿ ਭੁੱਲਰ ਨੇ ਉਨ੍ਹਾਂ ਨੂੰ ਧਮਕਾਇਆ ਕਿ ਮੇਰੇ ਗੈਂਗਸਟਰ ਪਾਲੇ ਹੋਏ ਹਨ। ਤੁਹਾਡੇ ਪਰਿਵਾਰ ਨੂੰ ਖਤਮ ਕਰਨ ਲਈ ਇੱਕ ਇਸ਼ਾਰਾ ਹੀ ਕਾਫ਼ੀ ਹੈ। ਜੇਕਰ ਤੂੰ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕਰ ਸਕਦਾ, ਤਾਂ ਤੈਨੂੰ ਜੀਣ ਦਾ ਕੋਈ ਹੱਕ ਨਹੀਂ; ਤੂੰ ਜ਼ਹਿਰ ਖਾ ਲੈ। ਇਸ ਤੋਂ ਬਾਅਦ, ਪਤੀ ਨੇ ਖੁਦਕੁਸ਼ੀ ਕਰ ਲਈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ