
ਸੁਨਾਮ, 22 ਮਾਰਚ (ਹਿੰ.ਸ.)। ਪੰਜਾਬ ਵਿੱਚ ਲਾਵਾਰਸ ਗਊਧਨ ਦੀ ਸਮੱਸਿਆ ਦੇ ਪੱਕੇ ਹੱਲ ਵੱਲ ਇਕ ਅਹਿਮ ਕਦਮ ਚੁੱਕਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਨਗਰ ਕੌਂਸਲ ਸੁਨਾਮ ਦੇ ਦਫਤਰ ਨੇੜੇ ਤੋਂ ਲਾਵਾਰਸ ਗਊਧਨ ਨੂੰ ਸੜਕਾਂ ਤੋਂ ਹਟਾ ਕੇ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਪਿੰਡ ਝਨੇੜੀ ਵਿਖੇ ਭੇਜਣ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਦੀਆਂ ਸੜਕਾਂ 'ਤੇ ਕੋਈ ਵੀ ਲਾਵਾਰਸ ਗਊਧਨ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਕਿ ਸੜਕਾਂ 'ਤੇ ਘੁੰਮਦਾ ਲਾਵਾਰਸ ਗਊਧਨ ਕਾਰਨ ਹਾਦਸਿਆਂ ਅਤੇ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਖ਼ਦਸ਼ਾ ਰਹਿੰਦਾ ਹੈ ਅਤੇ ਸਾਡੀ ਸੰਸਕ੍ਰਿਤੀ ਨੂੰ ਵੀ ਢਾਹ ਲੱਗਦੀ ਹੈ। ਇਸ ਲਈ ਇਸ ਸਮੱਸਿਆ ਦਾ ਸਥਾਈ ਹੱਲ ਬਹੁਤ ਜ਼ਰੂਰੀ ਹੈ।
ਵਾਈਸ ਚੇਅਰਮੈਨ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਨੇੜੀ ਵਿਖੇ ਸਥਿਤ ਸਰਕਾਰੀ ਕੈਟਲ ਪਾਊਂਡ ਇੱਕ ਵੱਡਾ ਕੇਂਦਰ ਹੈ, ਜਿੱਥੇ ਵੱਡੀ ਗਿਣਤੀ ਵਿੱਚ ਗਊਧਨ ਨੂੰ ਰੱਖਣ, ਖੁਰਾਕ, ਪਾਣੀ ਅਤੇ ਸਿਹਤ ਸੇਵਾਵਾਂ ਦੀ ਵਿਵਸਥਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਜ਼ਿਲ੍ਹੇ ਭਰ ਵਿੱਚ ਤੀਵਰ ਗਤੀ ਨਾਲ ਚਲਾਈ ਜਾਵੇਗੀ ਅਤੇ ਬਹੁਤ ਜਲਦ ਪੰਜਾਬ ਦੀਆਂ ਸੜਕਾਂ 'ਤੇ ਇੱਕ ਵੀ ਲਾਵਾਰਸ ਗਊਧਨ ਨਜ਼ਰ ਨਹੀਂ ਆਵੇਗਾ।
ਕੀਮਤੀ ਭਗਤ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊਧਨ ਨੂੰ ਢੁੱਕਵਾਂ ਆਸਰਾ, ਸੰਭਾਲ ਅਤੇ ਸੁਰੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ। ਉਹਨਾਂ ਕਿਹਾ ਕਿ ਗਊ ਸੈੱਸ ਵਜੋਂ ਇਕੱਠੀ ਕੀਤੀ ਜਾ ਰਹੀ ਰਕਮ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ ਕਰਦੇ ਹੋਏ ਗਊਸ਼ਾਲਾਵਾਂ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਇਹ ਸੰਸਥਾਵਾਂ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਨਿਭਾ ਸਕਣ। ਉਹਨਾਂ ਕਿਹਾ ਕਿ ਗਊਧਨ ਦੀ ਸੁਚੱਜੀ ਸੰਭਾਲ ਲਈ ਉਹਨਾਂ ਵਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਗਰ ਕੌਂਸਲ ਦੇ ਨੁਮਾਇੰਦੇ, ਸਮਾਜਿਕ ਸੰਸਥਾਵਾਂ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ